ਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ ਪਾਏ ਗਏ 527.66 ਕਰੋੜ ਰੁਪਏ
ਗੁਰਦਾਸਪੁਰ, 20 ਅਕਤੂਬਰ (ਸਰਬਜੀਤ ਸਿੰਘ ) – ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 256679 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਖਰੀਦੇ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 527.66 ਕਰੋੜ ਦੀ ਰਾਸ਼ੀ ਜਮਾਂ ਕਰਵਾਈ ਜਾ ਚੁੱਕੀ ਹੈ। ਇਸ ਦੇ ਨਾਲ ਹੀ ਮੰਡੀਆਂ ਵਿੱਚੋਂ 214993 ਮੀਟਰਕ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਮੰਡੀਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਿਸਾਨਾਂ, ਆੜਤੀਆਂ, ਮਜਦੂਰਾਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹੋਰਨਾਂ ਵਰਗਾਂ ਦੀ ਸਹੂਲਤ ਦੇ ਪੁਖਤਾ ਪ੍ਰਬੰਧ ਕੀਤੇ ਜਾ ਸਕਣ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲੇ ’ਚ ਪਨਗ੍ਰੇਨ ਵੱਲੋਂ 108061 ਮੀਟਰਕ ਟਨ, ਮਾਰਕਫੈਡ ਵੱਲੋਂ 60684 ਮੀਟਰਕ ਟਨ, ਪਨਸਪ ਵੱਲੋਂ 48999 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 36591 ਮੀਟਰਕ ਟਨ ਅਤੇ ਐੱਫ਼.ਸੀ.ਆਈ ਵੱਲੋਂ 2344 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਖਰੀਦੀ ਗਈ ਹੈ। ਉਨਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਸੁੱਕਾ ਝੋਨੇ ਤੁਰੰਤ ਖਰੀਦਣ ਲਈ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਹੋਏ ਹਨ ਅਤੇ ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੰਗੀ ਤਰਾਂ ਪੱਕੀ ਫ਼ਸਲ ਹੀ ਮੰਡੀਆਂ ’ਚ ਲੈ ਕੇ ਆਉਣ ਤਾਂ ਜੋ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।