ਜ਼ਿਲਾ ਪ੍ਰਸ਼ਾਸਨ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਰਾੜਾ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ

ਗੁਰਦਾਸਪੁਰ


ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ

ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ ) – ਇਸ ਵਾਰ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾਂ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਖੇਤਰ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਰਾੜਾ ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਤੇ ਲਾਭਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਸਾਡਾ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਜ਼ਹਿਰੀਲਾ ਧੂੰਆਂ ਅੱਗ ਲਗਾਉਣ ਵਾਲੇ ਕਿਸਾਨਾਂ ਅਤੇ ਉਸ ਪਿੰਡ ਨੂੰ ਵੀ ਆਪਣਾ ਮਾਰੂ ਅਸਰ ਕਰਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਮਾਪਿਆਂ ਨੂੰ ਪ੍ਰੇਰਿਤ ਕਰਨ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵਾਤਾਵਰਨ ਦੀ ਸੰਭਾਲ ਦੇ ਅੰਬੈਸਡਰ ਬਣ ਕੇ ਆਪਣੇ ਪਿੰਡਾਂ ਵਿੱਚ ਕੰਮ ਕਰਨ।

ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਖੇਤੀ ਮਸ਼ੀਨਰੀ ਰਾਹੀਂ ਅਸਾਨੀ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਖੇਤੀ ਸੰਦ ਉਪਲਬਧ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਕਰਨ ਵਾਲੇ ਖੇਤੀ ਸੰਦਾਂ ਦੀ ਮੈਪਿੰਗ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਆਦਿ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਗਠਨ ਵੀ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਪਰਾਲੀ ਸਾੜਨ ਦੇ ਨੁਕਸਾਨ ਅਤੇ ਇਨ ਸੀਟੂ ਅਤੇ ਐਕਸ ਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *