ਸੜਕਾਂ ਦੀ ਮੁਰੰਮਤ ਉੱਪਰ ਰਾਜ ਸਰਕਾਰ ਵੱਲੋਂ 1.63 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ – ਰਮਨ ਬਹਿਲ
ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਅੱਗੇ ਵਧਾਉਂਦੇ ਹੋਏ ਰਮਨ ਬਹਿਲ ਵੱਲੋਂ ਅੱਜ ਕਾਹਨੂੰਵਾਨ ਰੋਡ ਤੋਂ ਮੁਕੇਰੀਆਂ ਰੋਡ ਤੱਕ ਵਾਇਆ ਪਿੰਡ ਬੱਬੇਹਾਲੀ ਅਤੇ ਪਿੰਡ ਬੱਬੇਹਾਲੀ ਤੋਂ ਨਹਿਰ ਦੇ ਨਵੇਂ ਪੁਲ ਤੱਕ ਅਤੇ ਡੇਰਿਆਂ ਤੱਕ ਸੰਪਰਕ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ ਗਿਆ। 8.81 ਕਿੱਲੋਮੀਟਰ ਲੰਮੀਆਂ ਇਨ੍ਹਾਂ ਸੰਪਰਕ ਸੜਕਾਂ ਦੀ ਮੁਰੰਮਤ ਉੱਪਰ ਰਾਜ ਸਰਕਾਰ ਵੱਲੋਂ 1.63 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਇਸ ਮੌਕੇ ਪਿੰਡ ਬੱਬੇਹਾਲੀ ਵਿਖੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਆਪਣੇ ਇਸ ਉਦੇਸ਼ ਦੀ ਪੂਰਤੀ ਲਈ ਉਹ ਪੂਰੀ ਸੇਵਾ ਭਾਵਨਾ ਨਾਲ ਲੱਗੇ ਹੋਏ ਹਨ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ ਅਤੇ ਅਵਾਮ ਦੀ ਬਿਹਤਰੀ ਲਈ ਜੋ ਕੁਝ ਵੀ ਕੀਤਾ ਜਾ ਸਕਦਾ ਹੈ ਉਹ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਕਰਨ ਵਿੱਚ ਲੱਗੇ ਹੋਏ ਹਨ।
ਰਮਨ ਬਹਿਲ ਨੇ ਕਿਹਾ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਹਲਕਾ ਗੁਰਦਾਸਪੁਰ ਦਾ ਵਿਕਾਸ ਕਰਨ ਦੀ ਬਜਾਏ ਕੇਵਲ ਆਪਣਾ ਨਿੱਜੀ ਤੇ ਆਪਣੇ ਪਰਿਵਾਰ ਦਾ ਵਿਕਾਸ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੂੰ ਕਈ ਮੌਕੇ ਦੇ ਕੇ ਦੇਖ ਲਏ ਹਨ ਪਰ ਉਨ੍ਹਾਂ ਨੇ ਕਦੀ ਵੀ ਲੋਕਾਂ ਦੀ ਸਾਰ ਨਹੀਂ ਲਈ। ਸ੍ਰੀ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਅਸਲ ਹਿਤੈਸ਼ੀ ਸਰਕਾਰ ਹੈ ਅਤੇ ਮਾਨ ਸਰਕਾਰ ਵੱਲੋਂ ਗੁਰਦਾਸਪੁਰ ਹਲਕੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬੱਬੇਹਾਲੀ ਨਹਿਰ ਦਾ ਪੁਲ ਵੀ ਪਿਛਲੀ ਸਰਕਾਰ ਨੇ ਬਣਾਉਣ ਤੋਂ ਰੋਕ ਛੱਡਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਉਸ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸੇ ਤਰ੍ਹਾਂ ਪੁਰਾਣਾ ਸਿਵਲ ਹਸਪਤਾਲ ਜੋ ਬੰਦ ਹੋ ਗਿਆ ਸੀ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਵੱਲੋਂ ਦੁਬਾਰਾ ਸ਼ੁਰੂ ਕਰਵਾਇਆ ਗਿਆ ਹੈ। ਜ਼ਿਲ੍ਹਾ ਹਸਪਤਾਲ ਬੱਬਰੀ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਨਾਲ ਮਾਹਿਰ ਡਾਕਟਰਾਂ ਦੀ ਤਾਇਨਾਤੀ ਕੀਤੀ ਗਈ ਹੈ। ਹਲਕੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਸਕੂਲ ਆਫ਼ ਐਮੀਨੈਂਸ ਬਣਾਇਆ ਗਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਉਹ ਆਪਣੇ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਉਨ੍ਹਾਂ ਦੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਵਿਭਾਗ ਦੇ ਐੱਸ.ਡੀ.ਓ. ਲਵਪ੍ਰੀਤ ਸਿੰਘ, ਸੀਨੀਅਰ ਆਪ ਆਗੂ ਸੁੱਚਾ ਸਿੰਘ ਮੁਲਤਾਨੀ, ਨਗਰ ਸੁਧਾਰ ਟਰੱਸਟ ਦੇ ਮੈਂਬਰ ਹਿਤੇਸ਼ ਮਹਾਜਨ, ਹਲਕੇ ਦੇ ਸਿੱਖਿਆ ਕੋਆਰਡੀਨੇਟਰ ਅਸ਼ਵਨੀ ਕੁਮਾਰ, ਮੱਖਣ ਸਿੰਘ ਬੱਬੇਹਾਲੀ ਤੋਂ ਇਲਾਵਾ ਹੋਰ ਮੁਹਤਬਰ ਵੀ ਹਾਜ਼ਰ ਸਨ।


