ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਉਂਤਬੰਦੀ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ਮੀਟਿੰਗ

ਗੁਰਦਾਸਪੁਰ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ) – ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤੀ ਗਈ ਵਿਉਂਤਬੰਦੀ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਚ ਸਟਾਫ਼ ਮੀਟਿੰਗ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਚਨਾ, ਪਸਾਰ ਅਤੇ ਕਮਿਊਨੀਕੇਸ਼ਨ ਮੱਦ ਤਹਿਤ ਪਿੰਡ ਪੱਧਰ ਅਤੇ ਬਲਾਕ ਪੱਧਰ ‘ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੈਂਪ 15 ਅਕਤੂਬਰ ਤੱਕ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ  ਇਸ ਵਾਰ ਪ੍ਰਸ਼ਾਸਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ । ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਖੇਤਾਂ ਵਿਚ ਪਰਾਲੀ ਨੂੰ ਸੰਭਾਲਣ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਜਾਵੇ।

ਡਾ. ਅਮਰੀਕ ਸਿੰਘ ਕਿਹਾ ਕਿ ਜੇਕਰ ਸਮਝਾਉਣ ਦੇ ਬਾਵਜੂਦ ਵੀ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਪਿੰਡ ਦੇ ਗੁਰਦੁਆਰਿਆਂ ਤੋਂ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਕਲੱਸਟਰ ਇੰਚਾਰਜ ਹਰ ਹਫ਼ਤੇ ਜਾਂ ਜ਼ਰੂਰਤ ਅਨੁਸਾਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਨਗੇ ਅਤੇ ਨੋਡਲ ਅਫ਼ਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਜੋ ਵੀ ਗਤੀਵਿਧੀ ਕੀਤੀ ਜਾਂਦੀ ਹੈ, ਉਸ ਦਾ ਮੁਕੰਮਲ ਰਿਕਾਰਡ ਸੰਭਾਲ ਕੇ ਰੱਖਿਆ ਜਾਵੇ।  ਉਨ੍ਹਾਂ ਕਿਹਾ ਕਿ ਅਗੇਤੇ ਪ੍ਰਬੰਧਾਂ ਵਜੋਂ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨਾਲ ਵੀ ਰਾਬਤਾ ਕਰ ਲਿਆ ਜਾਵੇ ਅਤੇ ਉਨ੍ਹਾਂ ਦੇ ਫ਼ੋਨ ਨੰਬਰ ਲੈ ਲਏ ਜਾਣ ਅਤੇ ਆਪਣੇ ਫ਼ੋਨ ਵੀ ਉਨ੍ਹਾਂ ਨਾਲ ਸਾਂਝੇ ਕਰ ਦਿੱਤੇ ਜਾਣ ਤਾਂ ਜੋ ਲੋੜ ਪੈਣ ਤੇ ਫਾਇਰ ਬ੍ਰਿਗੇਡ ਬਿਨਾਂ ਕਿਸੇ ਰੁਕਾਵਟ ਤੋਂ ਮੌਕੇ ਤੇ ਪਹੁੰਚ ਸਕੇ।

ਉਨ੍ਹਾਂ ਬਲਾਕ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਬਲਾਕ ਪੱਧਰ ਤੇ ਬੇਲਰ ਮਾਲਕਾਂ ਦੇ ਨਾਲ ਮੀਟਿੰਗ ਕੀਤੀ ਜਾਵੇ ਤੇ ਉਨ੍ਹਾਂ ਦਾ ਰਾਬਤਾ ਕਲਸਟਰ ਅਫ਼ਸਰਾਂ ਦੇ ਨਾਲ ਕਰਵਾਇਆ ਜਾਵੇ ਤਾਂ ਜੋ ਲੋੜ ਪੈਣ ਤੇ ਕਿਸਾਨ ਦੀ ਮੰਗ ਤੇ ਬੇਲਰ ਮਾਲਕ ਦਾ ਰਾਬਤਾ ਕਿਸਾਨਾਂ ਨਾਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਤਕਨੀਕੀ ਸਹਾਇਤਾ ਜਾਂ ਖੇਤੀ ਸੰਦਾਂ ਦੀ ਲੋੜ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਝੋਨੇ ਦੀ ਕਟਾਈ ਕੰਬਾਈਨ ਅੱਗੇ ਹਾਰਵੈਸਟ ਅਤੇ ਸੁਪਰ ਐੱਸ.ਐੱਮ.ਐੱਸ ਲਗਾ ਕੇ ਹੀ ਕਰਨ। ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈ ਜਾਵੇ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਡਾ. ਸ਼ਾਹਬਾਜ਼ ਸਿੰਘ ਚੀਮਾ, ਡਾ. ਮਨਪ੍ਰੀਤ ਸਿੰਘ, ਡਾ. ਸੁਖਬੀਰ ਸਿੰਘ ਸੰਧੂ, ਡਾ. ਜਰਮਨਜੀਤ ਸਿੰਘ, ਡਾ. ਦਿਲਰਾਜ ਸਿੰਘ, ਡਾ.ਸੰਦੀਪ ਸਿੰਘ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *