ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ ) – ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਣੀ ਨੂੰ ਜੜੋਂ ਖਤਮ ਕੀਤਾ ਜਾਵੇ, ਇਨ੍ਹਾਂ ਸਾਰੇ ਉਦੇਸ਼ਾਂ ਨੂੰ ਲੈ ਕੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ ਹਰ ਤੀਸਰੇ ਮਹੀਨੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ 12 ਨਵੰਬਰ, 2022 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਸਬੰਧੀ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਰਵਾਲ ਦੀ ਅਗਵਾਈ ਹੇਠ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ ਜਿਸ ਨਾਲ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹੁਤਾ ਝਗੜਿਆਂ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਨੈਸ਼ਨਲ ਲੋਕ ਅਦਾਲਤ ’ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਅਤੇ ਜਿਹੜੇ ਝਗੜੇ-ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਲੋਕ ਅਦਾਲਤ ਦੇ ਫੈਸਲੇ ਅੰਤਿਮ ਹੁੰਦੇ ਹਨ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਉਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
—