ਸਰਕਾਰੀ ਸਕੂਲ ਗੋਹਤ ਪੋਕਰ ਚ ਕਰਵਾਏ ਸਹਿ ਵਿੱਦਿਅਕ ਮੁਕਾਬਲੇ
ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤਾਂ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿੱਥੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਉਸਦੇ ਨਾਲ ਹੀ ਨਵਾਂ ਉਪਰਾਲਾ ਕਰਦੇ ਹੋਏ ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਸਰਕਲ ਪੁਰਾਣਾ ਸ਼ਾਲਾ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਹਤਪੋਖਰ ਵਿਖੇ ਪ੍ਰਿੰਸੀਪਲ ਬਲਵਿੰਦਰ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਕਰਵਾਏ ਸਮਾਗਮ ਵਿੱਚ ਸਰਕਲ ਕਾਲਾ ਨੰਗਲ ਦੀ ਇੰਚਾਰਜ਼ ਮਨਜੀਤ ਕੌਰ, ਖੇਤੀਬਾੜੀ ਉਪ ਨਿਰੀਖਕ ਸੰਧਿਆ ਅਤੇ ਖੇਤੀਬਾੜੀ ਉਪ ਨਿਰੀਖਕ ਹਿਤੇਸ਼, ਬੇਲਦਾਰ ਮਨੀਸ਼ ਕੁਮਾਰ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਉਨਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ ਉਸਦੇ ਨਾਲ ਹੀ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਹੋਰ ਵੀ ਪ੍ਰਭਾਵੀ ਬਣਾਉਣ ਲਈ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਬੱਚੇ ਆਪਣੇ ਘਰਾਂ ਪਿੰਡਾਂ ਅਤੇ ਆਂਢੀਆਂ-ਗੁਆਂਢੀਆਂ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਦਾ ਸੰਦੇਸ਼ ਦੇ ਸਕਣ। ਇਸ ਮੰਤਵ ਲਈ ਸਕੂਲ ਵਿੱਚ ਬੱਚਿਆਂ ਦੇ ਸਲੋਗਨ ਰਾਈਟਿੰਗ, ਪੇਂਟਿੰਗ, ਲੇਖ ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਨਮਾਨਤ ਕੀਤਾ ਗਿਆ, ਜਦੋਂਕਿ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਮੈਡਲ ਦਿੱਤੇ ਗਏ।
ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਇਸ ਖੇਤਰ ਵਿੱਚ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਵਿੱਚ ਨਿਰਸੰਦੇਹ ਮੱਦਦ ਮਿਲੇਗੀ। ਉਨ੍ਹਾਂ ਸਮੂਹ ਬੱਚਿਆਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਸਮੁੱਚਾ ਸਟਾਫ ਵੀ ਆਪਣੇ ਪੱਧਰ ਤੇ ਸਟੱਬਲ ਬਰਨਿੰਗ ਨੂੰ ਰੋਕਣ ਲਈ ਪੂਰੇ ਯਤਨ ਕਰੇਗਾ।
ਇਸ ਮੌਕੇ ਸਟੇਜ ਸਕੱਤਰ ਦੇ ਫਰਜ਼ ਨਿਭਾਉਂਦਿਆਂ ਲੈਕਚਰਾਰ ਅਮਨਦੀਪ ਕੌਰ ਨੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਖੇਤਾਂ ਵਿੱਚ ਲਗਾਈ ਜਾਂਦੀ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ। ਲੈਕਚਰਾਰ ਰਾਹੁਲ ਕੁਮਾਰ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ।


