ਵਧੀਕ ਡਿਪਟੀ ਕਮਿਸ਼ਨਰ ਡਾ.ਬੇਦੀ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ

ਗੁਰਦਾਸਪੁਰ

ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਗਾਹਲੜੀ (ਕੁੜੀਆਂ) ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ

ਗੁਰਦਾਸਪੁਰ, 08 ਅਕਤੂਬਰ (ਸਰਬਜੀਤ ਸਿੰਘ)  ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲੇ ਅੰਦਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਮੁਹਿੰਮ ਵਿੱਢੀ ਗਈ ਹੈ,ਜਿਸ ਦੇ ਚੱਲਦਿਆਂ  ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਹੇਠ ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਗਾਹਲੜੀ (ਕੁੜੀਆਂ) ਵਿਖੇ  ਪਹੁੰਚ ਕੇ ਵਿਦਿਆਰਥੀ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਗਰੂਕ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਡਾ.ਬੇਦੀ ਨੇ ਕੈਂਪ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਹੀਂ ਲਗਾਉਣੀ ਚਾਹੀਦੀ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਜਾਈ ਕਰਨੀ ਚਾਹੀਦੀ ਹੈ। ਜਿਸ ਨਾਲ ਸਾਡੇ ਖੇਤਾਂ ਦੀ ਉਪਜਾਊ ਸ਼ਕਤੀ ਵੱਧਦੀ ਹੈ।

ਉਹਨਾਂ ਨੇ ਕਿਹਾ ਕਿ ਸਾਰੇ ਬੱਚੇ ਇਹ ਸੰਕਲਪ ਲੈਣ ਤੇ ਇਹ ਸੁਨੇਹਾ ਲੈ ਕੇ ਜਾਣ ਕਿ ਨਾ ਅਸੀਂ ਅੱਗ ਨਹੀਂ ਲਗਾਵਾਂਗੇ ਤੇ ਨਾ ਕਿਸੇ ਨੂੰ ਅੱਗ ਲਗਾਉਣ ਦੇਵਾਂਗੇ ਤੇ ਇਹ ਸੁਨੇਹਾ ਸਾਰੇ ਬੱਚੇ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਆਂਢ ਗੁਆਂਢ ਵਿੱਚ ਦੇਣ।

ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਲੱਗਦੀ ਅੱਗ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਿਸੇ ਤਰ੍ਹਾਂ ਵੀ ਲਾਹੇਵੰਦਾ ਨਹੀਂ ਹੈ ਇਸ ਨਾਲ ਜਿੱਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਅੱਗ ਲਗਾਉਣ ਨਾਲ ਜ਼ਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।

Leave a Reply

Your email address will not be published. Required fields are marked *