ਮੁਲਾਜ਼ਮਾਂ ਨੂੰ 6 ਫੀਸਦੀ ਡੀ.ਏ ਦੀ ਕਿਸ਼ਤ ਵੀ ਕੀਤੀ ਰਲੀਜ
ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਇੱਕ ਵੱਡਾ ਤੋਹਫਾ ਦਿੱਤਾ ਹੈ, ਜੋ ਕਿ ਅੱਜ ਤੱਕ ਰਿਵਾਇਤੀ ਪਾਰਟੀਆਂ 75 ਸਾਲਾਂ ਵਿੱਚ ਨਹੀਂ ਦੇ ਸਕੀਆ। ਸਗੋਂ ਉਨਾਂ ਦੀ ਪਿੱਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਵੀ ਪ੍ਰਵਾਨ ਨਹੀਂ ਕੀਤੀਆਂ। ਜਿਸਦੇ ਫਲ ਸਰੂਪ ਪੰਜਾਬ ਸਰਕਾਰ ਦੇ ਕਰਮਚਾਰੀ ਆਏ ਦਿਨ ਹੜਤਾਲ ’ਤੇ ਜਾਂਦੇ ਰਹਿੰਦੇ ਸਨ। ਜਿਸ ਕਰਕੇ ਪੰਜਾਬ ਸਰਕਾਰ ਦੇ ਖਜਾਨੇ ’ਤੇ ਵੱਡਾ ਬੋਝ ਪੈਂਦਾ ਸੀ ਅਤੇ ਲੋਕ ਵੀ ਆਪਣੇ ਕੰਮ ਕਰਵਾਉਣ ਲਈ ਖੱਜਲ ਖੁਆਰ ਹੁੰਦੇ ਸਨ। ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫੈਸਲੇ ਲਏ ਹਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਨਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਰਾਜ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਹੈ। ਉਨਾਂ ਕਿਹਾ ਕਿ ਇਹ ਸਕੀਮ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਨੇ ਅੱਜ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਅਕਤੂਬਰ 2022 ਤੋਂ 6 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਵੀ ਮੁਲਾਜ਼ਮ ਵਰਗ ਨੂੰ ਵੱਡਾ ਲਾਭ ਪਹੁੰਚੇਗਾ। ਉਨਾਂ ਕਿਹਾ ਕਿ ਬੀਤੇ ਕਈ ਦਿਨ ਤੋਂ ਰਾਜ ਭਰ ਵਿੱਚ ਸਰਕਾਰੀ ਕਰਮਚਾਰੀ ਇਨਾਂ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਹੜਤਾਲ ’ਤੇ ਸਨ ਅਤੇ ਮੁਲਾਜ਼ਮਾਂ ਨੇ ਉਨਾਂ ਦੀ ਕੋਠੀ ਅੱਗੇ ਵੀ ਧਰਨਾ ਦਿੱਤਾ ਸੀ। ਉਨਾਂ ਕਿਹਾ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਪੂਰੀ ਤਰਾਂ ਸਹਿਮਤ ਸਨ ਅਤੇ ਉਨਾਂ ਨੇ ਵੀ ਆਪਣੇ ਪੱਧਰ ’ਤੇ ਸਰਕਾਰ ਤੱਕ ਮੁਲਾਜ਼ਮਾਂ ਦੀ ਮੰਗ ਪਹੁੰਚਾਈ ਸੀ। ਸ੍ਰੀ ਬਹਿਲ ਨੇ ਅੱਜ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਇਤਿਹਾਸਕ ਫੈਸਲਿਆਂ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਸਮੂਹ ਮੁਲਾਜ਼ਮ ਵਰਗ ਵੀ ਪੂਰੀ ਤਰਾਂ ਖੁਸ਼ ਹੈ।