ਐੱਸ ਕੇ ਐਮ ਗੈਰ ਰਾਜਨੀਤਿਕ ਵੱਲੋਂ 15 ਅਕਤੂਬਰ ਨੂੰ ਡੀ ਸੀ ਦਫਤਰ ਵਿਖੇ ਧਰਨਾ ਦਿੱਤਾ ਜਾਵੇਗਾ – ਭੋਜਰਾਜ

ਗੁਰਦਾਸਪੁਰ

ਗੁਰਦਾਸਪੁਰ 13 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਵਾਉਣ ਲਈ, ਪਰਾਲੀ ਪ੍ਰਬੰਧਨ ਲਈ ਸੁਪਰੀਮ ਕੋਰਟ ਵੱਲੋਂ ਐਲਾਨਿਆ ਗਿਆ 100 ਰੁਪਏ ਪ੍ਰਤੀ ਕੁਇੰਟਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਵਾਉਣ, ਪਰਾਲੀ ਪ੍ਰਬੰਧਨ ਲਈ ਹਰੇਕ ਕਿਸਾਨ ਨੂੰ ਲੋੜੀਂਦੀ ਮਸ਼ੀਨਰੀ ਮੁੱਹਈਆ ਕਰਵਾਉਣ, ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੋ ਰਹੇ ਜੁਰਮਾਨੇ ਅਤੇ ਕਿਸਾਨਾਂ ਦੀਆਂ ਗਿਰਫਤਾਰੀਆਂ ਰੋਕਣ ਲਈ,ਮੰਡੀਆਂ ਵਿੱਚ ਝੋਨੇ ਦੀ ਵੱਡੇ ਪੱਧਰ ਤੇ ਹੋ ਰਹੀ ਲੁੱਟ ਨੂੰ ਬੰਦ ਕਰਵਾ ਕੇ ਝੋਨੇ ਦੀ ਖਰੀਦ ਐਮ ਐਸ ਪੀ ਤੇ ਕਰਵਾਉਣ ਸਬੰਧੀ, ਕਣਕ ਦੀ ਬਿਜਾਈ ਲਈ ਡੀ ਏ ਪੀ ਖਾਦ ਦੀ ਲੋੜੀਂਦੀ ਵਿਵਸਥਾ ਕਰਵਾਉਣ ਲਈ, ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਦੇ ਧਰਨਿਆ ਦੀ ਸਰਕਾਰ ਵੱਲੋਂ ਕੀਤੀ ਗਈ ਲੁੱਟ ਦੀ ਕਿਸਾਨਾਂ ਨੂੰ ਭਰਪਾਈ ਕਰਵਾਉਣ ਲਈ ਕੱਲ ਭਾਰਤ ਦੇ ਸਾਰੇ ਰਾਜਾਂ ਵਿੱਚ ਸਾਰੇ ਜਿਲਾ ਹੈਡਕੁਆਰਟਰਾਂ ਉੱਤੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ।

ਕਿਸਾਨ ਆਗੂ ਭੋਜਰਾਜ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ 15 ਅਕਤੂਬਰ ਨੂੰ 11 ਵਜੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫਤਰ ਵਿਖੇ ਜਬਰਦਸਤ ਰੋਸ ਧਰਨਾ ਲਗਾ ਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਉਪਰੋਕਤ ਮਸਲਿਆਂ ਦੇ ਤੁਰੰਤ ਹੱਲ ਕਰਨ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ,ਪਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਕਾਰਜਕਾਰੀ ਪ੍ਰਧਾਨ ਰਜਿੰਦਰ ਸਿੰਘ ਜਫਰਵਾਲ, ਕਿਸਾਨ ਯੂਥ ਵਿੰਗ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਭਾਰਤੀ ਕਿਸਾਨ ਯੂਨੀਅਨ ਸਿਰਸਾ ਦੇ ਪ੍ਰਧਾਨ ਹਰਦੇਵ ਸਿੰਘ ਚਿੱਟੀ, ਪ੍ਰਧਾਨ ਸੋਨੂ ਔਲਖ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਅਤੇ ਸੂਬਾ ਲੀਗਲ ਐਡਵਾਈਜ਼ਰ ਐਡਵੋਕੇਟ ਪ੍ਰਭਜੋਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰਨਗੇ।

Leave a Reply

Your email address will not be published. Required fields are marked *