ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ  ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਸਿਹਤ ਵਿਭਾਗ ਵੱਲੋਂ ਤੜਕਸਾਰ ਸਰਹੱਦੀ ਇਲਾਕਿਆਂ ‘ਚ ਨਾਕਾਬੰਦੀ ਕਰਕੇ ਕੀਤੀ ਚੈਕਿੰਗ

ਗੁਰਦਾਸਪੁਰ

ਮਿਲਾਵਟ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕੀਤੀ ਜਾਵੇਗੀ ਐਕਟ ਤਹਿਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)— ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਿਉਹਾਰੀ ਸੀਜ਼ਨ ਦੌਰਾਨ ਲੋਕਾਂ ਨੂੰ ਖ਼ੁਰਾਕ ਪਦਾਰਥਾਂ ਵਿੱਚ ਮਿਲਾਵਟ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤ ਮੁਹਿੰਮ ਵਿੱਢੀ ਗਈ ਹੈ।

ਇਸ ਕੜੀ ਤਹਿਤ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਵਧੀਕ ਫੂਡ ਕਮਿਸ਼ਨਰ ਡਾ. ਗੁਰਪ੍ਰੀਤ ਸਿੰਘ ਪੰਨੂ ਅੱਜ ਸਵੇਰੇ ਤੜਕਸਾਰ ਹੀ ਸਰਹੱਦੀ ਇਲਾਕਿਆਂ, ਪਿੰਡਾਂ ਅਤੇ ਹਾਈਵੇ ਰੋਡਾਂ ਤੇ ਨਾਕਾਬੰਦੀ ਕਰਕੇ ਵਿਆਪਕ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੀ ਨਾਲ ਸੀ, ਜਿਸ ਨੇ ਵੱਖ-ਵੱਖ ਦੁਕਾਨਾਂ, ਢਾਬਿਆਂ, ਦੁੱਧ ਡੇਅਰੀਆਂ ਅਤੇ ਖ਼ੁਰਾਕ ਸਮਾਨ ਵੇਚਣ ਵਾਲਿਆਂ ਤੋਂ ਨਮਕ, ਆਟਾ, ਦੇਸੀ ਘਿਉ, ਰਸ, ਅਚਾਰ, ਦੁੱਧ ਅਤੇ ਪਨੀਰ ਦੇ ਸੈਂਪਲ ਇਕੱਠੇ ਕਰਕੇ ਉਨ੍ਹਾਂ ਨੂੰ ਜਾਂਚ ਲਈ ਫੂਡ ਲੈਬੋਰੇਟਰੀ ਖਰੜ ਭੇਜਿਆ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਤਿਉਹਾਰਾਂ ਦੇ ਸਮੇਂ ਬਾਜ਼ਾਰਾਂ ਵਿੱਚ ਮਿਲਾਵਟ ਦਾ ਖ਼ਤਰਾ ਵਧ ਜਾਂਦਾ ਹੈ, ਇਸ ਲਈ ਪ੍ਰਸ਼ਾਸਨ ਵੱਲੋਂ ਕਿਸੇ ਵੀ ਮਿਲਾਵਟੀ ਖ਼ੁਰਾਕ ਪਦਾਰਥ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮਿਲਾਵਟ ਕਰਦੇ ਜਾਂ ਵਿਕਰੀ ਕਰਦੇ ਹੋਏ ਫੜੇ ਜਾਣਗੇ, ਉਨ੍ਹਾਂ ਖ਼ਿਲਾਫ਼ ਖ਼ੁਰਾਕ ਸੁਰੱਖਿਆ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਕਿਸੇ ਦੁਕਾਨ ਜਾਂ ਢਾਬੇ ਤੇ ਮਿਲਾਵਟੀ ਸਮਾਨ ਵੇਚਣ ਦੀ ਸੂਚਨਾ ਮਿਲਦੀ ਹੈ, ਤਾਂ ਉਹ ਆਪਣੀ ਲਿਖਤੀ ਸ਼ਿਕਾਇਤ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਭੇਜ ਸਕਦਾ ਹੈ। ਪ੍ਰਸ਼ਾਸਨ ਵੱਲੋਂ ਸ਼ਿਕਾਇਤਕਰਤਾ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਬੇਦੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਹ ਚੈਕਿੰਗ ਮੁਹਿੰਮ ਤਿਉਹਾਰਾਂ ਦੇ ਸੀਜ਼ਨ ਦੌਰਾਨ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਪੰਨੂ ਨੇ ਦੁਕਾਨਦਾਰਾਂ ਅਤੇ ਹੋਟਲ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਥਾਨਾਂ ਦੀ ਸਾਫ਼-ਸਫ਼ਾਈ ਤੇ ਵਿਸ਼ੇਸ਼ ਧਿਆਨ ਦੇਣ, ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੰਗ ਨਾਲ ਸੰਭਾਲ ਕੇ ਰੱਖਣ ਅਤੇ ਆਪਣੇ ਲਾਇਸੰਸ ਅਤੇ ਰਜਿਸਟ੍ਰੇਸ਼ਨ ਅਪਡੇਟ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਖ਼ੁਰਾਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ਦੇ ਮੈਡੀਕਲ ਟੈਸਟ ਸਮੇਂ-ਸਮੇਂ ‘ਤੇ ਕਰਵਾਉਣ ਬਹੁਤ ਜ਼ਰੂਰੀ ਹਨ, ਤਾਂ ਜੋ ਲੋਕਾਂ ਦੀ ਸਿਹਤ ਸੁਰੱਖਿਅਤ ਰਹੇ। ਇਸ ਮੌਕੇ ਫੂਡ ਸੇਫਟੀ ਅਫਸਰ ਮੈਡਮ ਰੇਖਾ ਸ਼ਰਮਾ, ਨਿਤੇਸ਼ ਕੁਮਾਰ , ਮੋਹਿਤ ਸ਼ਰਮਾ ਅਤੇ ਏ.ਐਸ.ਆਈ ਰਾਜੇਸ਼ ਕੁਮਾਰ ਹਜ਼ਾਰ ਸਨ

Leave a Reply

Your email address will not be published. Required fields are marked *