ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ 31 ਅਕਤੂਬਰ ਤੋਂ 13 ਨਵੰਬਰ ਤੱਕ ਚਲਾਵੇਗੀ ਵਿਸ਼ੇਸ਼ ਜਾਗਰੂਕਤ ਅਭਿਆਨ – ਜ਼ਿਲ੍ਹਾ ਤੇ ਸੈਸ਼ਨ ਜੱਜ

ਗੁਰਦਾਸਪੁਰ

12 ਨਵੰਬਰ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ ) – ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ 31 ਅਕਤੂਬਰ ਤੋਂ ਵਿਸ਼ੇਸ਼ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ 13 ਨਵੰਬਰ 2022 ਤੱਕ ਚੱਲੇਗਾ। ਇਸ ਜਾਗਰੂਕਤਾ ਅਭਿਆਨ ਤਹਿਤ ਪੈਰਾ ਲੀਗਲ ਵਲੰਟੀਅਰਜ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ ਜਿਥੇ ਘਰ-ਘਰ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਗੇ ਓਥੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ-ਕਾਲਜਾਂ ਵਿੱਚ ਸੈਮੀਨਾਰ ਵੀ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਪਰਾਲਾ ਆਮ ਲੋਕਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣਾ ਹੈ। ਇਸ ਤੋਂ ਇਲਾਵਾ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਰਾਹੀਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਜ਼ਿਲ੍ਹੇ ਵਿੱਚ ਪੈਂਦੇ ਲੱਗਭਗ 1279 ਪਿੰਡਾਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਆਮ ਲੋਕਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜਾਗਰੁਕਤਾ ਮੁਹਿੰਮ ਜ਼ਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ 31 ਅਕਤੂਬਰ ਤੋਂ ਹੋ ਰਹੀ ਹੈ ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਡੋਰ ਟੂ ਡੋਰ ਰਾਬਤਾ ਕੀਤਾ ਜਾਵੇਗਾ, ਮੇਘਾ ਲੀਗਲ ਸਰਵਿਸਿਜ਼ ਕੈਂਪ ਲਗਾਏ ਜਾਣਗੇ ਅਤੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਸ਼ੇਸ਼ ਜਾਗਰੁਕਤਾ ਸੈਮੀਨਾਰ ਹੋਣਗੇ। ਇਸ ਤੋਂ ਇਲਾਵਾ 9 ਨਵੰਬਰ 2022 ਨੂੰ ਲੀਗਲ ਸਰਵਿਸਿਜ਼ ਡੇਅ ਮਨਾਇਆ ਜਾਵੇਗਾ ਅਤੇ 12 ਨਵੰਬਰ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ 13 ਨਵੰਬਰ 2022 ਨੂੰ ਜਾਗਰੂਕਤਾ ਮੁਹਿੰਮ ਦੀ ਸਮਾਪਤੀ ਹੋਵੇਗੀ।

Leave a Reply

Your email address will not be published. Required fields are marked *