ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ : ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦੀਨਾਨਗਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ

ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ ਹੈ। ਸੂਬੇ ਦੀਆਂ ਮੰਡੀਆਂ ਵਿੱਚ 1 ਕਰੋੜ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 98 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਪੰਜਾਬ ਦੇ ਕਿਸਾਨਾਂ ਨੂੰ 15000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀਨਾਨਗਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸਮਸ਼ੇਰ ਸਿੰਘ, ਐੱਸ.ਡੀ.ਐੱਮ. ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਤਹਿਸੀਲਦਾਰ ਪਰਮਦੀਪ ਸਿੰਘ ਗੋਰਾਇਆ, ਡੀ.ਐੱਫ.ਐੱਸ.ਸੀ. ਸੁਖਜਿੰਦਰ ਸਿੰਘ, ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਹੀ ਕਿਸਾਨਾਂ ਨੂੰ ਅਦਾਇਗੀ ਹੋ ਰਹੀ ਹੈ। ਉਨਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ’ਚ ਜਗਾ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ ਅਤੇ ਮੰਡੀਆਂ ਵਿੱਚ ਕੀਤੇ ਗਏ ਖਰੀਦ ਪ੍ਰਬੰਧਾਂ ਤੋਂ ਕਿਸਾਨ ਅਤੇ ਆੜ੍ਹਤੀਏ ਪੂਰੀ ਤਰਾਂ ਖੁਸ਼ ਹਨ।

ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕਣ ’ਤੇ ਹੀ ਝੋਨੇ ਦੀ ਵਾਢੀ ਕਰਨ ਤਾਂ ਦਾਣਿਆਂ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆਵੇ।

ਇਸ ਮੌਕੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਵਾਰ ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਜੋ ਪੁਖਤਾ ਪ੍ਰਬੰਧ ਕੀਤੇ ਹਨ ਉਸ ਤੋਂ ਕਿਸਾਨ, ਮਜ਼ਦੂਰ, ਆੜਤੀਏ, ਟਰਾਂਸਪੋਟਰ ਸਾਰੇ ਹੀ ਖੁਸ਼ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਰਾਜ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਇੱਕ ਵਾਰ ਫਿਰ ਸਬੂਤ ਦਿੱਤਾ ਹੈ।

Leave a Reply

Your email address will not be published. Required fields are marked *