ਪਰਾਲੀ ਦੀ ਅੱਗ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਰਗਰਮ
ਗੁਰਦਾਸਪੁਰ, 2 ਨਵੰਬਰ ( ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਨੁਮਾਇਆ ਰੋਲ ਅਦਾ ਕਰਨ। ਉਨ੍ਹਾਂ ਕਿਹਾ ਕਿ ਹਰ ਨੰਬਰਦਾਰ ਇਹ ਯਕੀਨੀ ਬਣਾਏਗਾ ਕਿ ਉਸਦੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ ਅਤੇ ਜੇਕਰ ਕੋਈ ਕਿਸਾਨ ਫਿਰ ਵੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਵੇਗਾ ਤਾਂ ਜੋ ਉਸ ਅੱਗ ਨੂੰ ਬੁਝਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿਥੇ ਪਿੰਡ ਪੱਧਰ ਤੱਕ ਟੀਮਾਂ ਦਾ ਗਠਨ ਕੀਤਾ ਗਿਆ ਹੈ ਉਸਦੇ ਨਾਲ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਨਿਗਰਾਨ ਟੀਮਾਂ ਵੀ ਗਠਤ ਕੀਤੀਆਂ ਗਈਆਂ ਹਨ ਜੋ ਆਪਣੇ ਇਲਾਕੇ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਕੰਮ ਕਰ ਰਹੀਆਂ ਹਨ। ਇਹ ਟੀਮਾਂ ਦੁਪਹਿਰ ਤੋਂ ਦੇਰ ਸ਼ਾਮ ਤੱਕ ਫੀਲਡ ਵਿੱਚ ਨਿਗਰਾਨੀ ਕਰਦੀਆਂ ਹਨ ਅਤੇ ਜੇਕਰ ਕਿਸੇ ਖੇਤ ਵਿੱਚ ਅੱਗ ਲੱਗੀ ਦਿਖਾਈ ਦਿੰਦੀ ਹੈ ਤਾਂ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲੇ ਵਿੱਚ ਦੋ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 01874-292740 ਹੈ ਅਤੇ ਇਸ ਕੰਟਰੋਲ ਰੂਮ ਨਾਲ ਗੁਰਦਾਸਪੁਰ, ਕਾਹਨੂੰਵਾਨ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਬਲਾਕਾਂ ਦੇ ਕਿਸਾਨ, ਸਰਪੰਚ, ਨੰਬਰਦਾਰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜਾ ਕੰਟਰੋਲ ਰੂਮ ਬਟਾਲਾ ਵਿਖੇ ਕੰਮ ਕਰ ਰਿਹਾ ਹੈ ਜਿਸਦਾ ਨੰਬਰ 01871-226033 ਹੈ। ਬਟਾਲਾ ਦੇ ਕੰਟਰੋਲ ਰੂਮ ਨਾਲ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ, ਫ਼ਤਹਿਗੜ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਨਾਲ ਸਬੰਧਤ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ 112 ਨੰਬਰ ’ਤੇ ਵੀ ਸੂਚਿਤ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਅਤੇ ਹੋਰ ਤਕਨੀਕਾਂ ਨਾਲ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦੀ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।