ਬਠਿੰਡਾ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਜ਼ਬਰਦਸਤ ਧਰਨਾ ਦਿੱਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸ਼ਾਮਲ ਹੋਈਆਂ। ਮਜ਼ਦੂਰ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਨਾਲ ਮਜ਼ਦੂਰਾਂ ਦੀਆਂ ਮੰਗਾਂ ਦੇ ਅਧਾਰਤ ਆਗੂਆਂ ਨੇ ਮੀਟਿੰਗ ਕੀਤੀ ਗਈ ਅਤੇ ਮੰਗ ਪੱਤਰ ਪ੍ਰਾਪਤ ਦਿੱਤਾ। ਪ੍ਰਸ਼ਾਸਨ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਧਰਨੇ ਨੂੰ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹੇ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮਿੱਠੂ ਸਿੰਘ ਘੁੱਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਮਨਰੇਗਾ ਕਾਨੂੰਨ ਮਰਨ ਕਿਨਾਰੇ ਹੋ ਗਿਆ ਹੈ। ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਸੱਤ ਮਹੀਨਿਆਂ ਤੋਂ ਮਨਰੇਗਾ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਹਾਲਤ ਬਦਲ ਤੋਂ ਬਦਤਰ ਹੋ ਚੁੱਕੀ ਹੈ। ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ,700 ਰੁਪਏ ਦਿਹਾੜੀ ਅਤੇ ਪ੍ਰੀਵਾਰ ਦੇ ਦੋ ਮੈਂਬਰਾਂ ਨੂੰ ਕੰਮ ਦੀ ਗਰੰਟੀ ਕੀਤੀ ਜਾਵੇ। ਇੱਕ ਹਜ਼ਾਰ ਰੁਪਏ ਔਰਤਾਂ ਦੇ ਖਾਤਿਆਂ ਵਿੱਚ ਬਕਾਏ ਸਮੇਤ ਪਾਏ ਜਾਣ। ਹੜ੍ਹਾਂ ਦੇ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ। ਧਰਨੇ ਦੀ ਸਮਾਪਤੀ ਤੋਂ ਬਾਅਦ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਦੇਸ਼ ਦੀਆਂ ਦਸ ਟ੍ਰੇਡ ਯੂਨੀਅਨਾਂ ਅਤੇ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ‘ਚਾਰ ਲੇਬਰ ਕੋਡ’ ਵਾਪਸ ਲੈਣ ਲਈ ਬਠਿੰਡਾ ਦੇ ਮੇਨ ਬੱਸ ਅੱਡਾ ਵਿਖੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਮਜ਼ਦੂਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮਕੇ ਨਾਹਰੇਬਾਜੀ ਕੀਤੀ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਰਾਮਨਗਰ, ਅਜੈਬ ਸਿੰਘ ਖੋਖਰ, ਅਮਰੀਕ ਸਿੰਘ ਤੁੰਗਵਾਲੀ, ਮਨਜੀਤ ਕੌਰ ਖੋਖਰ , ਗੋਲੋ ਕੌਰ ਚੱਕ ਰੁਲਦੂ ਸਿੰਘ ਵਾਲਾ, ਜਰਨੈਲ ਸਿੰਘ ਯਾਤਰੀ, ਸੁਖਦੇਵ ਸਿੰਘ ਰਾਜਗੜ੍ਹ ਕੁੱਬੇ ਆਦਿ ਆਗੂਆਂ ਨੇ ਸੰਬੋਧਨ ਕੀਤਾ।


