ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ – ਜ਼ਿਲ੍ਹਾ ਤੇ ਸੈਸ਼ਨ ਜੱਜ

ਗੁਰਦਾਸਪੁਰ

ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ) – ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 12 ਨਵੰਬਰ ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ।  

ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੋਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾ ਸਕਦੇ ਹਨ। ਇਸਤੋਂ ਇਲਾਵਾ ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਾਖਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ ।

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤਾਂ ਹਰ ਮਹੀਨੇ ਦੇ ਅਖੀਰਲੇ ਕੰਮ-ਕਾਜ਼ੀ ਸ਼ਨੀਵਾਰ ਨੂੰ ਰਾਜ ਦੀਆਂ ਸਾਰੀਆਂ ਅਦਾਲਤਾਂ ਵਿੱਚ ਲਗਾਈਆਂ ਜਾਂਦੀਆਂ ਹਨ। ਇਸ ਦੇ ਨਾਲ-ਨਾਲ ਲੇਬਰ ਕੋਰਟ ਅਤੇ ਉਪਭੋਗਤਾ ਫੋਰਮ ਵਿੱਚ ਹਰ ਮਹੀਨੇ ਦੇ ਅਖੀਰਲੇ ਸ਼ੁੱਕਰਵਾਰ ਨੂੰ ਲੋਕ-ਅਦਾਲਤ ਲਗਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਸਮੇਂ-ਸਮੇਂ ’ਤੇ ਔਰਤਾਂ ਅਤੇ ਬੱਚਿਆਂ ਦੇ ਕੇਸਾਂ ਸੰਬੰਧੀ, ਪਰਿਵਾਰਿਕ ਕੇਸ, ਮੋਟਰ ਦੁਰਘਟਨਾ ਕੇਸ ਆਦਿ ਲਈ ਸਪੈਸ਼ਲ ਲੋਕ ਅਦਾਲਤਾਂ ਅਤੇ ਮੈਗਾ ਲੋਕ ਅਦਾਲਤਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ, ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ/ਕੇਸ ਅਦਾਲਤ ਵਿੱਚ ਲੰਬਿਤ ਨਹੀਂ ਹੈ ਤਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਬਹੁਤ ਲਾਭ ਹਨ। ਲੋਕ ਅਦਾਲਤ ਵਿੱਚ ਛੇਤੀ ਤੇ ਸਸਤਾ ਨਿਆਂ ਮਿਲਦਾ ਹੈ ਇਸ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਲੋਕ ਅਦਾਲਤਾਂ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਵਿਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ। ਲੋਕ ਅਦਾਲਤ ਵਿਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਇਸ ਦੇ ਫੈਸਲੇ ਅੰਤਿਮ ਹੁੰਦੇ ਹਨ।

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਅਤੇ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਲਈ ਜ਼ਿਲ੍ਹਾ ਤੇ ਸੈਸ਼ਨਜ਼-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਧਾਰਟੀ, ਗੁਰਦਾਸਪੁਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਚੇਅਰਪਰਸ਼ਨ, ਉਪ-ਮੰਡਲ ਪੱਧਰੀ ਕਾਨੂੰਨੀ ਸੇਵਾ ਕਮੇਟੀ ਗੁਰਦਾਸਪੁਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।    

Leave a Reply

Your email address will not be published. Required fields are marked *