ਕਿਲੋਮੀਟਰ ਸਕੀਮ ਤਹਿਤ ਦਿੱਲੀ ਦੀਆਂ ਬੱਸਾਂ ਪਾਉਣ ਦੀ ਬਜਾਏ, ਨਵੀਆਂ ਸਰਕਾਰੀ ਬੱਸਾਂ ਪਾਉਣ ਦੀ ਮੰਗ
ਮਾਨਸਾ, ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਮਾਨ ਸਰਕਾਰ ਵਲੋਂ ਕਿਲੋਮੀਟਰ ਸਕੀਮ ਰਾਹੀਂ ਦਿੱਲੀ ਦੀਆਂ ਬੱਸਾਂ ਪਾ ਕੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਅਸਿੱਧੇ ਨਿੱਜੀਕਰਨ ਦੀ ਨੀਤੀ ਖਿਲਾਫ ਸੰਘਰਸ਼ ਕਰ ਰਹੇ ਰੋਡਵੇਜ਼ ਵਰਕਰਾਂ ਉਤੇ ਥਾਂ ਥਾਂ ਤੇ ਕੀਤੇ ਲਾਠੀਚਾਰਜ ਅਤੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਅੱਜ ਇਥੇ ਸੀਪੀਆਈ (ਐਮ ਐਲ) ਲਿਬਰੇਸ਼ਨ ਵਲੋਂ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਅੰਦੋਲਨਕਾਰੀਆਂ ਉਤੇ ਢਾਹੇ ਗਏ ਜ਼ਬਰ ਦੀ ਸਖ਼ਤ ਨਿੰਦਾ ਕੀਤੀ ਗਈ।
ਬਾਜ਼ਾਰ ਵਿੱਚ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਅਰਥੀ ਸਾੜਨ ਮੌਕੇ ਕੀਤੀ ਗਈ ਰੈਲੀ ਨੂੰ ਲਿਬਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਜਸਬੀਰ ਕੌਰ ਨੱਤ, ਮਾਨਸਾ ਤਹਿਸੀਲ ਦੇ ਸਕੱਤਰ ਸਾਥੀ ਗੁਰਸੇਵਕ ਸਿੰਘ ਮਾਨ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾਂ , ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਅਤੇ ਇਸ ਰਿਕਸ਼ਾ ਯੂਨੀਅਨ ਮਾਨਸਾ ਦੇ ਪ੍ਰਧਾਨ ਨਿਰਮਲ ਸਿੰਘ ਤੇ ਕਾਮਰੇਡ ਗੇਜਾ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਦਰਸ਼ਨ ਸਿੰਘ ਨੱਤ, ਅੰਗਰੇਜ਼ ਸਿੰਘ ਘਰਾਂਗਣਾਂ ਤੇ ਹੋਰ ਵਰਕਰ ਹਾਜ਼ਰ ਸਨ।
ਵਿਖਾਵਾਕਾਰੀਆਂ ਨੇ ਮੰਗ ਕੀਤੀ ਕਿ ਸਾਲਾਂ ਤੋਂ ਕੰਟਰੈਕਟ ਉਤੇ ਕੰਮ ਕਰਦੇ ਸਾਰੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕਾ ਕੀਤਾ ਜਾਵੇ, ਦਿੱਲੀ ਤੋਂ ਲਿਆ ਕੇ ਕਿਲੋਮੀਟਰ ਸਕੀਮ ਵਿੱਚ ਬੱਸਾਂ ਪਾਉਣ ਦੀ ਥਾਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਿੱਚ ਨਵੀਆਂ ਸਰਕਾਰੀ ਬੱਸਾਂ ਪਾਈਆਂ ਜਾਣ ਅਤੇ ਅੰਦੋਲਨ ਦੌਰਾਨ ਸਸਪੈਂਡ ਕੀਤੇ ਗਏ ਸਾਰੇ ਵਰਕਰਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।


