ਹਵਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ
ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਹੱਕ ਹਮਾਰਾ ਬੀ ਤੋ ਹੈ’ @75`, ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਪੈਨਲ ਐਡਵੋਕੇਟਜ਼ ਨਾਲ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਹਨਾਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ।
ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਫਾਰਮੇ ਤੇ ਜੋ ਅਥਾਰਟੀ ਵਲੋਂ ਮੁਫਤ ਮੁਹੱਈਆਂ ਕਰਵਾਇਆ ਜਾਂਦਾ ਹੈ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜ਼ਿਲ੍ਹਾ ਪੱਧਰ ’ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪ-ਮੰਡਲ ਪੱਧਰ ਤੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ। ਇਸ ਮੌਕੇ ਕੇਂਦਰੀ ਜੇਲ, ਗੁਰਦਾਸਪੁਰ ਦੁ ਸੁਪਰਡੈਂਟ ਅਤੇ ਹੋਰ ਸਟਾਫ ਵੀ ਮੌਜੂਦ ਸੀ।