ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵੱਲੋਂ ਦੀਨਾਨਗਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਦੀਨਾਨਗਰ ਬਲਾਕ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਸਥਾਨਕ ਨਿਵਾਸੀਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
ਬੀ.ਡੀ.ਪੀ.ਓ. ਦੀਨਾਨਗਰ ਨੇ ਸੈਮੀਨਾਰ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਫਾਰਮੇ ਤੇ ਜੋ ਅਥਾਰਟੀ ਵਲੋਂ ਮੁਫਤ ਮੁਹੱਈਆਂ ਕਰਵਾਇਆ ਜਾਂਦਾ ਹੈ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜ਼ਿਲ੍ਹਾ ਪੱਧਰ ’ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪ-ਮੰਡਲ ਪੱਧਰ ਤੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ।