ਸੀ.ਐੱਚ.ਸੀ. ਕਲਾਨੌਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ

ਗੁਰਦਾਸਪੁਰ

ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਸੀ.ਐੱਚ.ਸੀ. ਕਲਾਨੌਰ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਐੱਸ.ਐੱਮ.ਓ. ਡਾ. ਲਖਵਿੰਦਰ ਸਿੰਘ ਅਠਵਾਲ ਨੇ ਹਸਪਤਾਲ ਦੇ ਡਾਕਟਰਾਂ, ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੂੰ  ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਡਾ. ਲਖਵਿੰਦਰ ਸਿੰਘ ਅਠਵਾਲ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫ਼ਤਰ ਵਿੱਚ ਰਾਬਤਾ ਕੀਤਾ ਜਾ ਸਕਦਾ ਹੈ।

ਇਸ ਮੌਕੇ ਐੱਸ.ਐੱਮ.ਓ. ਡਾ. ਲਖਵਿੰਦਰ ਸਿੰਘ ਅਠਵਾਲ ਨੇ ਆਸ਼ਾ ਵਰਕਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਕਿਹਾ ਕਿ ਉਹ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਲਿਟਰੇਸੀ ਲਈ ਆਪਣੇ ਅਧਿਕਾਰਤ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਫਰਜਾਂ ਬਾਰੇ ਵੀ ਜਾਣੂ ਕਰਵਾਉਣ।    

Leave a Reply

Your email address will not be published. Required fields are marked *