ਜਾਗਰੂਕਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੱਕ ਪਹੁੰਚ ਕੀਤੀ ਗਈ – ਜ਼ਿਲ੍ਹਾ ਤੇ ਸੈਸ਼ਨ ਜੱਜ
ਜਾਗਰੂਕਤਾ ਅਭਿਆਨ ਦੇ ਆਖਰੀ ਦਿਨ ਕਾਦੀਆਂ ਬਲਾਕ ਵਿੱਚ ਹੋਇਆ ਵਿਸ਼ੇਸ਼ ਸੈਮੀਨਾਰ
ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਜ਼ਿਲੇ ਵਿੱਚ 31 ਅਕਤੂਬਰ ਤੋਂ 13 ਨਵੰਬਰ ਤੱਕ ਚਲਾਈ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅੱਜ ਪੂਰੀ ਸਫਲਤਾ ਨਾਲ ਮੁਕੰਮਲ ਹੋ ਗਈ। ਇਸ ਜਾਗਰੂਕਤਾ ਮੁਹਿੰਮ ਤਹਿਤ ਪੈਰਾ ਲੀਗਲ ਵਲੰਟੀਅਰਜ਼, ਆਸ਼ਾ ਵਰਕਰ, ਆਂਗਨਵਾੜੀ ਵਰਕਰਾਂ ਨੇ ਜਿਥੇ ਘਰ-ਘਰ ਜਾ ਕੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਓਥੇ ਸਕੂਲਾਂ-ਕਾਲਜਾਂ ਅਤੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕਾਨੂੰਨੀ ਜਾਗਰੂਕਤਾ ਸਬੰਧੀ ਵਿਸ਼ੇਸ਼ ਸੈਮੀਨਾਰ ਵੀ ਲਗਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਪਰਾਲਾ ਆਮ ਲੋਕਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣਾ ਸੀ। ਇਸ ਤੋਂ ਇਲਾਵਾ ਜੇਲ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣਾ ਹੈ।
ਜ਼ਿਲਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਰਾਹੀਂ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਜ਼ਿਲ੍ਹੇ ਵਿੱਚ ਪੈਂਦੇ ਲੱਗਭਗ 1279 ਪਿੰਡਾਂ ਤੱਕ ਪਹੁੰਚ ਕੀਤੀ ਗਈ ਹੈ ਅਤੇ ਆਮ ਲੋਕਾਂ ਨੂੰ ਉਹਨਾਂ ਦੇ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨਾਂ ਕਿਹਾ ਕਿ ਇਸ ਜਾਗਰੁਕਤਾ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸਾਸ਼ਨ, ਗੁਰਦਾਸਪੁਰ ਦੇ ਭਰਪੂਰ ਸਹਿਯੋਗ ਮਿਲਿਆ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਜ਼ਿਲੇ੍ਹ ਦੇ ਸਾਰੇ ਪਿੰਡਾਂ ਵਿੱਚ ਡੋਰ ਟੂ ਡੋਰ ਰਾਬਤਾ ਕੀਤਾ ਗਿਆ। ਇਸ ਤੋਂ ਇਲਾਵਾ 9 ਨਵੰਬਰ 2022 ਨੂੰ ਲੀਗਲ ਸਰਵਿਸਿਜ ਡੇਅ ਮਨਾਇਆ ਗਿਆ ਅਤੇ 12 ਨਵੰਬਰ 2022 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਗਈ।
ਜਾਗਰੂਕਤਾ ਮੁਹਿੰਮ ਦੇ ਆਖਰੀ ਦਿਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਦੀ ਅਗਵਾਈ ਹੇਠ ਕਾਦੀਆਂ ਬਲਾਕ ਦੇ ਡੱਲਾ ਮੋੜ ਸਥਿਤ ਦਫ਼ਤਰ ਵਿੱਚ ਕਾਨੂੰਨੀ ਜਾਗਰੂਕਤਾ ਦਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਮੈਡਮ ਨਵਦੀਪ ਕੌਰ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਇਸੇ ਤਰਾਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਤੇ ਫਰਜਾਂ ਬਾਰੇ ਜਾਗਰੂਕ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦਫ਼ਤਰ ਵਿੱਚ ਰਾਬਤਾ ਕੀਤਾ ਜਾ ਸਕਦਾ ਹੈ।