ਬੈਂਕਾਂ ਅਤੇ ਸਰਕਾਰੀ ਵਿਭਾਗ ਆਪਣੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਉਣ
ਗੁੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਂਦੇ ਲੋਨ ਨਾਲ ਸਬੰਧਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਨੌਜਵਾਨ ਆਪਣੇ ਰੁਜ਼ਗਾਰ ਸ਼ੁਰੂ ਕਰਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅੱਜ ਆਪਣੇ ਦਫ਼ਤਰ ਵਿੱਚ ਬੈਂਕਾਂ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਦੀ ਰੀਵਿਊ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬੈਂਕਾਂ ਆਪਣੀਆਂ ਭਲਾਈ ਸਕੀਮਾਂ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਂਦੇ ਲੋਨ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਨੌਜਵਾਨਾਂ ਨੂੰ ਲੋਨ ਅਪਲਾਈ ਕਰਨ ਸਮੇਂ ਵੀ ਯੋਗ ਅਗਵਾਈ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੇ ਜਾਂਦੇ ਲੋਨ ਸਬੰਧੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦੇ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਉਦਯੋਗ ਵਿਭਾਗ, ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ, ਅਨਸੂਚਿਤ ਜਾਤੀਆਂ ਅਤੇ ਪੱਛੜੀਆਂ ਜਾਤੀਆਂ ਭਲਾਈ ਕਾਰਪੋਰੇਸ਼ਨ, ਖਾਦੀ ਬੋਰਡ, ਬੈਂਕਾਂ ਅਤੇ ਡਾਕਖਾਨੇ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਰੀਵਿਊ ਵੀ ਕੀਤਾ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਜਨਤਾ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਗਰੀਬ ਤੇ ਲੋੜਵੰਦ ਵਿਅਕਤੀਆਂ ਤੋਂ ਇਲਾਵਾ ਮਨਰੇਗਾ ਵਰਕਰਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਸਵੈ-ਸਹਾਇਤਾ ਸਮੂਹ ਬਣਾ ਕੇ ਔਰਤਾਂ ਨੂੰ ਉਨ੍ਹਾਂ ਨਾਲ ਜੋੜਨ।
ਮੀਟਿੰਗ ਦੌਰਾਨ ਜੀ.ਐੱਮ. ਇੰਡਸਟਰੀ ਸ. ਸੁਖਪਾਲ ਸਿੰਘ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ, ਬੈਂਕਾਂ ਦੇ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


