ਕਿਹਾ-ਨਵੀਂ ਯੋਜਨਾ ਤਹਿਤ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਪ੍ਰਤੀ ਪਰਿਵਾਰ ਹਰ ਸਾਲ 10 ਲੱਖ ਰੁਪਏ ਦੇ ਨਕਦੀ ਰਹਿਤ ਇਲਾਜ ਦੀ ਮਿਲੇਗੀ ਸਹੂਲਤ
ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)— ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਰਾਜ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ’ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਨ ਜਾ ਰਹੀ ਹੈ।
ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 15 ਜਨਵਰੀ, 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ
ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।
ਹਲਕਾ ਇੰਚਾਰਜ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।
ਰਮਨ ਬਹਿਲ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ। ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।
ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ, ਜਿਸ ਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ’ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।
ਰਮਨ ਬਹਿਲ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚਬੀਪੀ 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਸਿਲੈਕਟਿਡ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ।


