ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ
ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲ-ਦਲ ਵਿੱਚ ਫਸਣੋ ਬਚ ਸਕੇ। ਅੱਜ ਆਪਣੇ ਦਫ਼ਤਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਜਿਥੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਜਿਹੜੇ ਵਿਅਕਤੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆ ਗਏ ਹਨ ਉਨ੍ਹਾਂ ਪ੍ਰਤੀ ਹਮਦਰਦੀ ਭਰਿਆ ਵਤੀਰਾ ਅਖਤਿਆਰ ਕਰਦਿਆਂ ਉਨ੍ਹਾਂ ਦੇ ਇਲਾਜ ਵੱਲੋਂ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਤਹਿਤ ਪਿੰਡ-ਪਿੰਡ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਜਾ ਕੇ ਕੈਂਪ ਲਗਾਏ ਜਾਣ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਸਪੋਰਟਸ ਸੁਸਾਇਟੀ ਦਾ ਗਠਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਖੇਡਾਂ ਦੇ ਲੀਗ ਮੈਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਜਿਹੜੇ ਪਿੰਡਾਂ ਵਿੱਚ ਖੇਡ ਸਟੇਡੀਅਮ ਜਾਂ ਖੇਡ ਮੈਦਾਨ ਹਨ ਉਨ੍ਹਾਂ ਦੀ ਲਿਸਟ ਤਿਆਰ ਕੀਤੀ ਜਾਵੇ ਤਾਂ ਜੋ ਓਥੇ ਖੇਡ ਸੱਭਿਆਚਾਰ ਨੂੰ ਪ੍ਰਫੂਲਿਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਹੋਰ ਵਿਭਾਗਾਂ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਮੁਲਾਂਕਣ ਕੀਤਾ ਗਿਆ।
ਇਸ ਮੌਕੇ ਐੱਸ.ਪੀ. ਬਟਾਲਾ ਜਗਵਿੰਦਰ ਸਿੰਘ ਸੰਧੂ, ਡੀ.ਡੀ.ਪੀ.ਓ. ਸ੍ਰੀ ਸੰਦੀਪ ਮਲਹੋਤਰਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਖੇਤੀਬਾੜੀ ਅਫ਼ਸਰ ਡਾ. ਰਣਬੀਰ ਸਿੰਘ ਠਾਕੁਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਅਮਰਜੀਤ ਸਿੰਘ ਭਾਟੀਆ, ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।