ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 40 ਫੀਸਦੀ ਮਾਮਲੇ ਘੱਟ ਆਏ ਹਨ। ਜ਼ਿਲ੍ਹੇ ਵਿੱਚ ਪਿਛਲੇ ਸਾਲ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ 1398 ਮਾਮਲੇ ਦਰਜ ਕੀਤੇ ਗਏ ਸਨ ਜਦਕਿ ਇਸ ਵਾਰ ਇਹ ਗਿਣਤੀ ਘੱਟ ਕੇ 834 ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਸੈਕਟਰ ਵੰਡ ਕੇ ਜਿਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਓਥੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਖੁਦ ਵੀ ਅੱਗ ਨੂੰ ਬੁਝਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ 1186 ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀਸੰਦ ਵੀ ਦਿੱਤੇ ਗਏ ਹਨ ਜਿਨ੍ਹਾਂ ਵਿਚੋਂ 1025 ਸੁਪਰ ਸੀਡਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਸੰਦਾਂ ਦੀ ਬਦੌਲਤ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਤੇ ਹੋਰ ਫਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬੇਲਰ ਦੀ ਮਦਦ ਨਾਲ ਕਰੀਬ 25000 ਏਕੜ ਵਿਚੋਂ ਪਰਾਲੀ ਨੂੰ ਇਕੱਠਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਿੱਚ ਜਾਗਰੂਕਤਾ ਵੱਧ ਰਹੀ ਹੈ ਅਤੇ ਕਿਸਾਨਾਂ ਨੇ ਪਰਾਲੀ ਦੇ ਨਿਪਟਾਰੇ ਦੇ ਵਿਗਿਆਨਿਕ ਢੰਗ ਅਪਣਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਇਸ ਵਾਰ 40 ਫੀਸਦੀ ਅੱਗ ਲੱਗਣ ਦੇ ਮਾਮਲੇ ਘੱਟ ਆਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਾਗਰੂਕਤਾ ਮੁਹਿੰਮ ਨੂੰ ਏਵੇਂ ਹੀ ਜਾਰੀ ਰੱਖੇਗਾ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੇ ਮਾਮਲਿਆਂ ਨੂੰ ਜ਼ੀਰੋ ’ਤੇ ਲਿਆਂਦਾ ਜਾਵੇਗਾ।
—