ਦੀਨਾਨਗਰ, ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)– ਲੋਕਤੰਤਰ ਦੇ ਚੌਥੇ ਸਥੰਭ ਮੀਡੀਆ ‘ਤੇ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਹਮਲੇ ਬਹੁਤ ਹੀ ਨਿੰਦਣਯੋਗ ਅਤੇ ਚਿੰਤਾਜਨਕ ਹਨ। ਪੰਜਾਬ ਕੇਸਰੀ ਗਰੁੱਪ ‘ਤੇ ਹੋਇਆ ਹਮਲਾ ਸਿਰਫ਼ ਇੱਕ ਅਖ਼ਬਾਰੀ ਸੰਸਥਾਨ ‘ਤੇ ਨਹੀਂ, ਸਗੋਂ ਸਿੱਧੇ ਤੌਰ ‘ਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਕੁਮਾਰ ਨਡਾਲਾ ਐਡਵੋਕੇਟ ਨੇ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਮੀਡੀਆ ਦੀ ਆਜ਼ਾਦੀ ਤੋਂ ਘਬਰਾਈ ਹੋਈ ਹੈ ਅਤੇ ਸੱਚ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੀਆਂ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੱਚ ਬੋਲਣ ਵਾਲੀ ਆਵਾਜ਼ ਨੂੰ ਦਬਾਉਣ ਦੀ ਇਹ ਨੀਤੀ ਲੋਕਤੰਤਰ ਦੀਆਂ ਮੂਲ ਕਦਰਾਂ-ਕੀਮਤਾਂ ਦੇ ਸਿੱਧੇ ਖ਼ਿਲਾਫ਼ ਹੈ, ਜੋ ਕਿਸੇ ਵੀ ਸੁਰਤ ਵਿੱਚ ਕਬੂਲਯੋਗ ਨਹੀਂ।
ਨਡਾਲਾ ਨੇ ਕਿਹਾ ਕਿ ਮੀਡੀਆ ਲੋਕਾਂ ਅਤੇ ਸਰਕਾਰ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਦਾ ਹੈ। ਮੀਡੀਆ ਹੀ ਲੋਕਾਂ ਦੀਆਂ ਸਮੱਸਿਆਵਾਂ, ਦਰਦ ਅਤੇ ਸੱਚਾਈ ਨੂੰ ਸਾਹਮਣੇ ਲਿਆਉਂਦਾ ਹੈ। ਜੇਕਰ ਮੀਡੀਆ ਨੂੰ ਡਰਾਉਣ, ਧਮਕਾਉਣ ਜਾਂ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਸਿੱਧੇ ਤੌਰ ‘ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਵਰਗੇ ਪ੍ਰਸਿੱਧ, ਭਰੋਸੇਯੋਗ ਅਤੇ ਪੁਰਾਣੇ ਅਖ਼ਬਾਰੀ ਸੰਸਥਾਨ ‘ਤੇ ਛਾਪੇਮਾਰੀ ਕਰਨਾ ਮੀਡੀਆ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ। ਸਰਕਾਰ ਨੂੰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਜੁੜੇ ਅਸਲ ਮੁੱਦਿਆਂ ਜਿਵੇਂ ਕਿ ਮਹਿੰਗਾਈ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮਸਲੇ ‘ਤੇ ਧਿਆਨ ਦੇਣਾ ਚਾਹੀਦਾ ਹੈ।
ਰਾਕੇਸ਼ ਕੁਮਾਰ ਨਡਾਲਾ ਨੇ ਸਪਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਮੀਡੀਆ ‘ਤੇ ਦਬਾਅ ਬਣਾਉਣ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਆਪਣੀ ਨੀਤੀ ਤੁਰੰਤ ਨਹੀਂ ਛੱਡੀ ਤਾਂ ਭਾਰਤੀ ਜਨਤਾ ਪਾਰਟੀ ਲੋਕਤੰਤਰ ਅਤੇ ਮੀਡੀਆ ਦੀ ਆਜ਼ਾਦੀ ਦੀ ਰੱਖਿਆ ਲਈ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਭਾਜਪਾ ਹਰੇਕ ਹਾਲਤ ਵਿੱਚ ਮੀਡੀਆ ਦੀ ਆਜ਼ਾਦੀ ਅਤੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਲਈ ਡਟ ਕੇ ਖੜੀ ਰਹੇਗੀ।


