ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)— ਪੰਜਾਬ ਪੁਲਸ ਨੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਹੈ। ਨਤੀਜੇ ਵਜੋਂ, ਗੁਰਦਾਸਪੁਰ ਪੁਲਸ ਨੇ ਦੋ ਮੁਲਜ਼ਮਾਂ ਨੂੰ ਦੋ ਪਿਸਤੌਲਾਂ, ਦੋ ਮੈਗਜ਼ੀਨਾਂ ਅਤੇ ਛੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਆਦਿੱਤਿਆ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਡੀਆਈਜੀ, ਬਾਰਡਰ ਰੇਂਜ, ਅੰਮ੍ਰਿਤਸਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਗਸ਼ਤ ਕਰਦੇ ਹੋਏ, ਕਾਹਨੂੰਵਾਨ ਪੁਲਸ ਸਟੇਸ਼ਨ ਦੀ ਪੁਲਸ ਨੇ ਸ਼ੱਕ ਦੇ ਆਧਾਰ ‘ਤੇ ਕਾਹਨੂੰਵਾਨ ਦੇ ਰਹਿਣ ਵਾਲੇ ਸਾਹਿਲ ਉਰਫ਼ ਕੁੱਕੂ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ, ਉਸ ਤੋਂ ਇੱਕ .32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ। ਉਸ ਵਿਰੁੱਧ ਅਸਲਾ ਐਕਟ ਤਹਿਤ ਕਾਹਨੂੰਵਾਨ ਪੁਲਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ, ਦੋਸ਼ੀ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਪਿਸਤੌਲ ਕਾਹਨੂੰਵਾਨ ਦੇ ਰਹਿਣ ਵਾਲੇ ਅਜੈ ਕੁਮਾਰ ਤੋਂ ਪ੍ਰਾਪਤ ਕੀਤਾ ਸੀ। ਇਸ ਤੋਂ ਬਾਅਦ, ਦੋਸ਼ੀ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਇੱਕ 32 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਸਾਹਿਲ ਉਰਫ਼ ਭੱਕੂ (21) ਮੋਹਾਲੀ ਵਿੱਚ ਗਾਇਕੀ ਦੀ ਪੜ੍ਹਾਈ ਕਰ ਰਿਹਾ ਸੀ, ਜਦੋਂ ਕਿ ਅਜੇ ਕੁਮਾਰ (28) ਬਿਜਲੀ ਬੋਰਡ ਵਿੱਚ ਕੰਮ ਕਰਦਾ ਸੀ। ਉਨ੍ਹਾਂ ਕਿਹਾ ਕਿ ਉਹ ਕੋਈ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਵਿਰੁੱਧ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕੀਤੀ ਜਾਵੇਗੀ, ਅਤੇ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਪੁਸ਼ਟੀ ਕੀਤੀ ਜਾਵੇਗੀ।


