ਬਰਨਾਲਾ, ਗੁਰਦਾਸਪੁਰ 01 ਫਰਵਰੀ (ਸਰਬਜੀਤ ਸਿੰਘ)-+ਕੱਲ੍ਹ 31 ਜਨਵਰੀ ਨੂੰ ਪੰਜਾਬ ਸਰਕਾਰ ਦੀ ਸ਼ਹਿ ਤੇ ਇੰਪਰੂਵਮੈਂਟ ਟਰੱਸਟ ਬਰਨਾਲਾ ਵੱਲੋਂ ਟਰੱਸਟ ਦੀ ਜਗ੍ਹਾ ਵਿੱਚ ਪਿਛਲੇ 50-60 ਸਾਲਾਂ ਤੋਂ ਕੁਲੀਆਂ ਪਾਕੇ ਗੁਜ਼ਾਰਾ ਬਸ਼ਰ ਕਰ ਰਹੇ ਬੇ ਘਰੇ ਜੋਗੀ – ਨਾਥਾਂ ਦੀਆਂ ਸੱਠ ਦੇ ਕਰੀਬ ਝੁੱਗੀਆਂ ਝੌਂਪੜੀਆਂ ਨੂੰ ਬੁਲਡੋਜ਼ਰ ਫੇਰ ਕੇ ਤਬਾਹ ਕਰ ਦਿੱਤਾ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਜਿਨ੍ਹਾਂ ਵਿੱਚ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਆਗੂ ਕਾਮਰੇਡ ਖੁਸ਼ੀਆਂ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਨਛੱਤਰ ਸਿੰਘ ਰਾਮਨਗਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ) ਦੇ ਆਗੂ ਗੁਰਮੇਲ ਸਿੰਘ, ਸਮਾਜ ਸੇਵੀ ਆਗੂ ਜੱਸੀ ਪੇਧਨੀ, ਜਮਹੂਰੀ ਅਧਿਕਾਰ ਸਭਾ ਦੇ ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ ਅਤੇ ਹਰਚਰਨ ਸਿੰਘ ਚਹਿਲ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਇਹਨਾਂ ਗ਼ਰੀਬ ਲੋਕਾਂ ਦੇ ਪੱਕੇ ਬਸੇਬੇ ਲਈ ਕਈ ਵਾਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਹੋਰਨਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਚੁੱਕੀ ਹੈ। ਖ਼ੁਦ ਚੇਅਰਮੈਨ ਤੀਰਥ ਰਾਮ ਮੰਨਾਂ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਸੀ ਕਿ, ਇਹਨਾਂ ਬੇਘਰੇ ਲੋਕਾਂ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇਗਾ ਅਤੇ ਜ਼ਬਰਦਸਤੀ ਨਹੀਂ ਉਠਾਇਆ ਜਾਵੇਗਾ। ਆਗੂਆਂ ਨੇ ਇਹ ਵੀ ਕਿਹਾ ਕਿ ਇਥੇ ਰਹਿਣ ਵਾਲੇ ਬਾਲਗ ਲੋਕਾਂ ਦੀਆਂ ਲੰਬੇ ਸਮੇਂ ਤੋਂ ਅਧਾਰ ਕਾਰਡ ਅਤੇ ਵੋਟਾਂ ਬਣੀਆਂ ਹੋਈਆਂ ਹਨ, ਉਹਨਾਂ ਦੇ ਬੱਚੇ ਇੱਥੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ। ਇਹ ਹਰ ਵਾਰ ਸਤਾਧਾਰੀ ਲੋਕਾਂ ਨੂੰ ਵੋਟਾਂ ਪਾਉਂਦੇ ਆ ਰਹੇ ਹਨ, ਜਿਹੜੇ ਇਹਨਾਂ ਨੂੰ ਪੱਕੇ ਵਸੇਬੇ ਦੀਆਂ ਗ੍ਰੰਟੀਆਂ ਕਰਦੇ ਰਹੇ ਹਨ। ਆਗੂਆਂ ਨੇ ਕਿਹਾ ਕਿ ਵੱਖ ਵੱਖ ਸਮੇਂ ਰਾਜ ਕਰਨ ਵਾਲੀਆਂ ਪਾਰਟੀਆਂ ਅਤੇ ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਵੀ ਇਹ ਫ਼ੈਸਲੇ ਕੀਤੇ ਗਏ ਹਨ ਕਿ ਲੰਬਾ ਸਮਾਂ ਆਬਾਦ ਕਰਕੇ ਬੈਠੇ ਲੋਕਾਂ ਨੂੰ ਉਜਾੜਿਆ ਨਹੀਂ ਜਾਵੇਗਾ। ਪਰ ਭਗਵੰਤ ਮਾਨ ਦੀ ਸਰਕਾਰ ਨੇ ਗਰੀਬ ਜੋਗੀ ਨਾਥਾਂ ਨਾਲ ਸਰਦੀ ਦੇ ਮੌਸਮ ਵਿੱਚ ਜੱਗੋਂ ਤੇਰ੍ਹਵੀਂ ਕੀਤੀ ਗਈ ਹੈ। ਪੁਲਿਸ ਵੱਲੋਂ ਉਹਨਾਂ ਤੇ ਡਾਂਗਾਂ ਵਰ੍ਹਾਈਆਂ ਗਈਆਂ, ਉਹਨਾਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਆਗੂਆਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਪੁਲਿਸ ਵਾਲਿਆਂ ਵੱਲੋਂ ਇਹਨਾਂ ਗ਼ਰੀਬਾਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਬੁਰੀ ਤਰ੍ਹਾਂ ਕੁੱਟਕੇ ਝੁੱਗੀਆਂ ਉਜਾੜ ਦਿੱਤੀਆਂ ਹਨ, ਉਹਨਾਂ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਵੇ, ਝੁੱਗੀ ਝੌਂਪੜੀ ਵਾਲਿਆਂ ਨੂੰ ਮੁੜ ਵਸੇਬੇ ਤਹਿਤ ਘਰ ਪਾਉਣ ਲਈ ਪਲਾਟ ਦਿੱਤੇ ਜਾਣ, ਝੁੱਗੀਆਂ ਵਾਲਿਆਂ ਦਾ ਜੋ ਆਰਥਿਕ ਨੁਕਸਾਨ ਹੋਇਆ ਹੈ, ਸਰਕਾਰ ਵੱਲੋਂ ਉਸਦੀ ਭਰਪਾਈ ਕੀਤੀ ਜਾਵੇ। ਆਗੂਆਂ ਨੇ ਇਹ ਵੀ ਕਿਹਾ ਕਿ ਆਉਂਦੇ ਦਿਨਾਂ ਵਿੱਚ ਸਾਰੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੂੰ ਇਕੱਠਾ ਕਰਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜ਼ੋਰਦਾਰ ਢੰਗ ਨਾਲ ਪਰਦਾਫ਼ਾਸ਼ ਕੀਤਾ ਜਾਵੇਗਾ ਅਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ।


