ਰਮਨ ਬਹਿਲ ਬੋਲੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਜਲਦ ਹੀ 4 ਹੋਰ ਨਵੇਂ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ
ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਯਤਨ ਲਗਾਤਾਰ ਜਾਰੀ ਹਨ | ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ | ਇਸ ਤੋਂ ਪਹਿਲਾਂ ਭੋਪੁਰ ਸੈਦਾਂ ਵਿਖੇ ਪਹਿਲਾਂ ਹੀ ਆਮ ਆਦਮੀ ਕਲੀਨਿਕ ਪੂਰੀ ਸਫਲਤਾ ਨਾਲ ਚੱਲ ਰਿਹਾ ਹੈ ਜਿਸਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਹੋਇਆ ਹੈ |
ਪਿੰਡ ਜੌੜਾ ਛੱਤਰਾਂ, ਭੁੰਬਲੀ, ਬੱਬੇਹਾਲੀ ਅਤੇ ਮਾਨ ਕੌਰ ਸਿੰਘ ਵਿਖੇ ਸ਼ੁਰੂ ਹੋਣ ਜਾ ਰਹੇ ਆਮ ਆਦਮੀ ਕਲੀਨਿਕਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕੀਤਾ | ਆਮ ਆਦਮੀ ਕਲੀਨਿਕਾਂ ਦੀਆਂ ਬਣ ਰਹੀਆਂ ਇਮਾਰਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਬਹਿਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਆਮ ਆਦਮੀ ਕਲੀਨਿਕਾਂ ਸਮੇਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 33 ਅਤੇ ਸੂਬੇ ਭਰ ਵਿੱਚ 500 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜੋ ਇਸ ਸਾਲ ਦੇ ਅਖੀਰ ਤੱਕ ਮੁਕੰਮਲ ਹੋ ਜਾਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਬਣੇ ਆਮ ਆਦਮੀ ਕਲੀਨਿਕਾਂ ਨੂੰ 26 ਜਨਵਰੀ 2023 ਨੂੰ ਲੋਕ ਅਰਮਪਣ ਕੀਤਾ ਜਾਵੇਗਾ |
ਉਨਾਂ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ ਤਾਇਨਾਤ ਕੀਤਾ ਜਾਵੇਗਾ | ਇਨ੍ਹਾਂ ਕਲੀਨਿਕਾਂ ਵਿਚੋਂ 91 ਤਰਾਂ ਦੀਆਂ ਦਵਾਈਆਂ ਅਤੇ 41 ਤਰਾਂ ਦੇ ਡਾਕਟਰੀ ਟੈਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਉਪਲੱਬਧ ਹੋਵੇਗੀ |
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲ੍ਹਣ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ | ਡਾਕਟਰਾਂ ਅਤੇ ਦਵਾਈਆਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਹਤ ਖੇਤਰ ਵਿੱਚ ਸੁਧਾਰ ਲਿਆਉਣੇ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ ਅਤੇ ਸਰਕਾਰ ਪੂਰੀ ਸੁਹਿਰਦਤਾ ਨਾਲ ਇਸ ‘ਤੇ ਕੰਮ ਕਰ ਰਹੀ ਹੈ |