ਜ਼ਿਲ੍ਹਾ ਵਾਸੀਆਂ ਨੂੰ ਇਮਾਨਦਾਰ ਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਪ੍ਰਗਟ ਕੀਤੀ
ਸਰਹੱਦੀ ਖੇਤਰ ਦੇ ਵਿਕਾਸ ਅਤੇ ਕਿਸਾਨ ਮਸਲਿਆਂ ਦੇ ਹੱਲ ਪ੍ਰਤੀ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾਵੇਗਾ
ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਗੁਰਦਾਸਪੁਰ ਪਾਵੇਗਾ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ
ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐੱਸ.) ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਾ. ਹਿਮਾਂਸ਼ੂ ਅਗਰਵਾਲ ਇਸਤੋਂ ਪਹਿਲਾਂ ਫਾਜ਼ਲਿਕਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।
ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿੰਮਾਂਸ਼ੂ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਸੇਵਾਵਾਂ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਤੱਕ ਪਹੁੰਚ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਕਿਸਾਨੀ ਮਸਲਿਆਂ ਨੂੰ ਵੀ ਪੂਰੀ ਸੁਹਿਰਦਤਾ ਨਾਲ ਹੱਲ ਕਰਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਬੁਰਾਈ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਗੈਰ ਕਾਨੂੰਨੀ ਮਾਇਨਿੰਗ ਖਿਲਾਫ ਸਿਕੰਜਾ ਕੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨ ਦੀਆਂ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਸਰਹੱਦੀ ਲੋਕਾਂ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਵੀ ਉਤਸ਼ਾਹਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨੂੰ ਉਜ਼ਾਗਰ ਕਰਕੇ ਟੂਰਿਜ਼ਮ ਦੇ ਨਕਸ਼ੇ ’ਤੇ ਲਿਆਂਦਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਵੀ ਉਚੇਚਾ ਧਿਆਨ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਜੋ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਲਿਆ ਗਿਆ ਹੈ ਉਸ ਨੂੰ ਪੂਰਾ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਪੂਰਾ ਯੋਗਦਾਨ ਪਾਵੇਗਾ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਥਾਨਕ ਪਾਵਰਕਾਮ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕੋਮਲ ਮਿੱਤਲ (ਆਈ.ਏ.ਐੱਸ.) ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਪੀ. ਪ੍ਰਿਥੀਪਾਲ ਸਿੰਘ, ਤਹਿਸੀਲਦਾਰ ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।