ਮਜ਼ਦੂਰ ਆਗੂਆਂ ਵੱਲੋਂ ਕਿਸਾਨਾਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜ਼ੋਰਦਾਰ ਨਿਖੇਧੀ-ਲਾਭ ਸਿੰਘ ਅਕਲੀਆ

ਮਾਲਵਾ

ਬਰਨਾਲਾ, ਗੁਰਦਾਸਪੁਰ, 7 ਫਰਵਰੀ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਕੱਲ੍ਹ ਅਮਨਪੂਰਵਕ ਧਰਨਾ ਦੇਣ ਦਾ ਰਹੇ ਕਿਸਾਨਾਂ ਉੱਤੇ ਬੇਤਹਾਸ਼ਾ ਲਾਠੀਚਾਰਜ ਕੀਤਾ ਗਿਆ ਅਤੇ ਕਿਸਾਨ ਆਗੂਆਂ ਨੂੰ ਗਿਰਫ਼ਤਾਰ ਕਰ ਲਿਆ ਗਿਆ।ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਕਿਹਾ ਕਿ ਆਦਰਸ਼ ਸਕੂਲ ਚਾਉਕੇ ਦੇ ਮਾਮਲੇ ਵਿੱਚ ਪਿਛਲੇ ਛੇ ਮਹੀਨਿਆਂ ਤੋਂ ਦੋ ਕਿਸਾਨ ਆਗੂਆਂ ਨੂੰ ਬਠਿੰਡਾ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਹਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਕੇਯੂ ਉਗਰਾਹਾਂ ਵੱਲੋਂ 6 ਫਰਵਰੀ ਨੂੰ ਬਠਿੰਡਾ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਸੀ ਪਰ ਪੁਲੀਸ ਵੱਲੋਂ ਬਹੁਤੇ ਕਿਸਾਨ ਆਗੂਆਂ ਨੂੰ ਪਹਿਲਾਂ ਹੀ ਘਰਾਂ ਤੋਂ ਗਿਰਫ਼ਤਾਰ ਕੀਤਾ ਗਿਆ। ਧਰਨਾ ਦੇਣ ਦਾ ਰਹੇ ਕਿਸਾਨਾਂ ਨੂੰ ਕਈ ਜਗ੍ਹਾ ਰਸਤੇ ਵਿੱਚ ਘੇਰ ਕੇ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਕਿਸਾਨ ਔਰਤਾਂ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਡੰਡਿਆਂ ਨਾਲ ਕੁੱਟਿਆ ਗਿਆ।ਆਗੂਆਂ ਨੇ ਦੋਸ਼ ਲਾਇਆ ਕਿ ਚੋਣਾ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਇਹ ਦਾਅਵੇ ਕਰਦੀ ਸੀ ਕਿ ਉਹਨਾਂ ਦੇ ਰਾਜ ਵਿੱਚ ਕੋਈ ਧਰਨਾ ਨਹੀਂ ਲੱਗੇਗਾ। ਪਰ ਅਖੌਤੀ ਇਨਕਲਾਬੀ ਸਰਕਾਰ ਨੇ ਆਪਣੇ ਇੱਕ ਵੀ ਵਾਅਦੇ ਤੇ ਅਮਲ ਨਹੀਂ ਕੀਤਾ, ਹਰ ਵਰਗ ਦੇ ਲੋਕਾਂ ਨੂੰ ਸੜਕਾਂ ਤੇ ਰੁਲਣਾ ਪੈ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਦੋਵੇਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਧਰਨਕਾਰੀਆਂ ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *