ਜ਼ਿਲ੍ਹੇ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਇਸਨੂੰ ਪ੍ਰਫੂਲਤ ਕਰਨ ਲਈ ਵਿਚਾਰਾਂ ਕੀਤੀਆਂ
ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ ) – ਸਾਬਕਾ ਏ.ਡੀ.ਸੀ. ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੇ ਜਨਰਲ ਸਕੱਤਰ ਤਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਅੱਜ ਨਵ-ਨਿਯੁਕਤ ਡਿਪਟੀ ਕਮਨਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸ. ਤਜਿੰਦਰਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵੱਲੋਂ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੀ ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਵਿਰਾਸਤ ਦੀ ਸੰਭਾਲ ਅਤੇ ਇਸਨੂੰ ਪ੍ਰਫੂਲਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਯਾਤਰੂਆਂ ਦੀ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਵੀ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਰਵਾਏ ਜਾਂਦੇ ਵੱਖ-ਵੱਖ ਸਮਾਗਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਾਡਾ ਜ਼ਿਲ੍ਹਾ ਗੁਰਦਾਸਪੁਰ ਧਾਰਮਿਕ ਅਤੇ ਇਤਿਹਾਸਕ ਵਿਰਾਸਤਾਂ ਦੇ ਪੱਖ ਤੋਂ ਬਹੁਤ ਅਮੀਰ ਹੈ ਅਤੇ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵੱਲੋਂ ਆਪਣੀ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਇੱਕ ਕੈਲੰਡਰ ਤਿਆਰ ਕੀਤਾ ਜਾਵੇਗਾ ਜਿਸ ਤਹਿਤ ਜ਼ਿਲ੍ਹੇ ਵਿੱਚ ਹੋਈਆਂ ਪ੍ਰਮੁੱਖ ਇਤਿਹਾਸਕ ਘਟਨਾਵਾਂ ਦੀ ਯਾਦ ਵਿੱਚ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਅਮੀਰ ਵਿਰਾਸਤ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਤ ਕਰਨ ਦੇ ਖੇਤਰ ਵਿੱਚ ਬਹੁਤ ਸੰਭਾਵਨਾਵਾਂ ਹਨ ਜਿਸ ਉੱਪਰ ਵਿਸ਼ੇਸ਼ ਤੌਰ ’ਤੇ ਕੰਮ ਕੀਤਾ ਜਾਵੇਗਾ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅੰਮ੍ਰਿਤਸਰ ਆਏ ਯਾਤਰੂਆਂ ਨੂੰ ਗੁਰਦਾਸਪੁਰ ਜ਼ਿਲ੍ਹੇ ਵੱਲ ਆਕਰਸ਼ਤ ਕਰਨ ਲਈ ਯਤਨ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ, ਜਾਇੰਟ ਸਕੱਤਰ ਹਰਮਨ ਜੀਤ ਸਿੰਘ, ਦਮਨਜੀਤ ਸਿੰਘ ਗਾਈਡ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਵੀ ਹਾਜ਼ਰ ਸਨ।