ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਦੋ ਦਿਨਾਂ ਸਲਾਨਾ ਖੇਡ ਮੇਲਾ ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਅੱਜ 55ਵਾਂ ਸਲਾਨਾ ਖੇਡ ਸਮਾਰੋਹ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਦੋ ਦਿਨਾਂ ਇਹ ਸਮਾਰੋਹ ਕਾਲਜ ਕੈਂਪਸ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ।

ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਡਾ. ਪੁਸ਼ਪਿੰਦਰ ਸਿੰਘ ਗਿੱਲ, ਮਾਨਯੋਗ ਉਪ ਕੁਲਪਤੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਡਾ. ਅਮਨਦੀਪ ਕੌਰ, ਪ੍ਰਿੰਸੀਪਲ ਸਪੋਰਟਸ ਕਾਲਜ ਕਾਲਾ ਅਫਗਾਨਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਨਾਲ ਕੀਤੀ ਗਈ। ਇਸ ਉਪਰੰਤ ਝੰਡੇ ਦੀ ਰਸਮ ਅਦਾ ਕੀਤੀ ਗਈ। ਮੁੱਖ ਮਹਿਮਾਨ ਵੱਲੋਂ ਗੁਬਾਰੇ ਉਡਾਉਣ ਦੀ ਰਸਮ ਅਦਾ ਕਰਕੇ ਸਮਾਗਮ ਨੂੰ ਆਧਿਕਾਰਕ ਤੌਰ ’ਤੇ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਖੇਡਾਂ ਪ੍ਰਤੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਵਫ਼ਾਦਾਰੀ ਦਾ ਪ੍ਰਣ ਲਿਆ।

ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਪਰੰਤ ਮੁੱਖ ਮਹਿਮਾਨ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਮੁੱਖ ਭਾਸ਼ਣ ਪੇਸ਼ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਉਹ ਖੁਦ ਆਪਣੇ ਵਿਦਿਆਰਥੀ ਜੀਵਨ ਵਿੱਚ ਇੱਕ ਅਥਲੀਟ ਰਹੇ ਹਨ ਅਤੇ 800 ਮੀਟਰ ਦੌੜ ਵਿੱਚ 49.5 ਸੈਕੰਡ ਦਾ ਉਨ੍ਹਾਂ ਦਾ ਰਿਕਾਰਡ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਨਾਲ ਹਰ ਲਕਸ਼ ਪ੍ਰਾਪਤ ਕੀਤਾ ਜਾ ਸਕਦਾ ਹੈ।

ਡਾ. ਗਿੱਲ ਨੇ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਪ੍ਰੋਫੈਸਰ ਅਸ਼ਵਨੀ ਭੱਲਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੱਜ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦਾ ਵਿਦਿਆਰਥੀ ਪ੍ਰਸ਼ਾਸਨਿਕ ਖੇਤਰ ਵਿੱਚ ਮੱਲਾਂ ਮਾਰ ਰਿਹਾ ਹੈ ਅਤੇ ਸਰਕਾਰੀ ਕਾਲਜ ਗੁਰਦਾਸਪੁਰ ਨੂੰ ਨਵੀਂ ਦਿੱਖ ਅਤੇ ਨਵੇਂ ਆਯਾਮ ਦੇ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਇਸ ਕਾਲਜ ਵਿੱਚ ਖੇਡ ਕਲਚਰ ਨੂੰ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਅਤੇ ਪੂਰਾ ਸਹਿਯੋਗ ਪ੍ਰਦਾਨ ਕਰੇਗੀ। ਇਸ ਖੇਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ 100 ਮੀਟਰ, 500 ਮੀਟਰ, 800 ਮੀਟਰ ਦੌੜ, ਸ਼ਾਟ ਪੁੱਟ, ਲੰਬੀ ਛਾਲ ਅਤੇ ਜੈਵਲਿਨ ਥਰੋ ਵਰਗੀਆਂ ਖੇਡ ਗਤੀਵਿਧੀਆਂ ਵਿੱਚ ਭਾਗ ਲਿਆ। ਲੜਕੇ ਅਤੇ ਲੜਕੀਆਂ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

Leave a Reply

Your email address will not be published. Required fields are marked *