ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਪ੍ਰਵਾਸੀ ਭਾਰਤੀਆਂ ਨੂੰ ਸ਼ਿਰਕਤ ਕਰਨ ਦਾ ਸੱਦਾ
ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ’ ਨਾਮਕ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਮਾਝੇ ਦੇ ਜ਼ਿਲ੍ਹੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਭਾਗ ਲੈਣਗੇ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲੇ ਸੁਣਕੇ ਸਬੰਧਿਤ ਅਧਿਕਾਰੀਆਂ ਨੂੰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਰਜਿਸਟਰੇਸ਼ਨ ਸਵੇਰੇ 10:30 ਵਜੇ ਤੋਂ 11:00 ਵਜੇ ਤੱਕ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕੈਬਨਿਟ ਮੰਤਰੀ ਸ. ਧਾਲੀਵਾਲ ਵੱਲੋਂ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਤੇ ਉੱਚ ਅਧਿਕਾਰੀਆਂ ਨੂੰ ਜਲਦ ਨਿਪਟਾਰੇ ਲਈ ਆਦੇਸ਼ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।