‘ਅੰਤਰ ਰਾਸ਼ਟਰੀ ਮਹਿਲਾ ਦਿਵਸ’ ਮੌਕੇ ਕਲਾ ਕੇਂਦਰ ਗੁਰਦਾਸਪੁਰ ਵਿਖੇ ਸਮਾਗਮ-ਉਦਮੀ ਔਰਤਾਂ ਨੂੰ ਪ੍ਰਸ਼ੰਸਾ ਪੱਤਰ ਤੇ ਟਰਾਫੀਆਂ ਭੇਂਟ
ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਵਿੱਚ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਆਪਣੇ ਉੱਦਮ ਨਾਲ ਸਮਾਜ ਵਿੱਚ ਮਿਸਾਲ ਬਣੀਆਂ ਸੈਂਕੜੇ ਮਹਿਲਾ ਉਦਮੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੈਲਫ ਹੈਲਪ ਗਰੁੱਪਾਂ ਰਾਹੀਂ ਔਰਤਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਰਾਹੀਂ ਮਹਿਲਾਵਾਂ ਨੂੰ ਸਵੈ-ਨਿਰਭਰ ਬਣਾਉਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਤਹਿਤ ਔਰਤਾਂ ਨੂੰ ਖੇਤੀਬਾੜੀ, ਘਰੇਲੂ ਉਦਯੋਗਾਂ ਅਤੇ ਸੇਵਾ ਖੇਤਰ ਨਾਲ ਜੋੜ ਕੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਉਣ, ਜਿਸ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।
ਇਸ ਮੌਕੇ ਅਰਚਣਾ ਬਹਿਲ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸ਼ੂਗਰੀਵ ਕੁਮਾਰ, ਰਾਣੀ ਮਹਿਲਾ ਵਿੰਗ ਇੰਚਾਰਜ, ਡੀ.ਐੱਫ.ਐਮ ਵਰਿੰਦਰ ਸਿੰਘ, ਸਿਮਰਨਜੀਤ ਸਿੰਘ ਬੀ.ਐੱਮ.ਐੱਮ. ਬਲਾਕ ਇੰਚਾਰਜ ਵਿਨੇਤਾ ਸ਼ਰਮਾ, ਕੁਲਦੀਪ ਸਿੰਘ, ਜੋਤੀ ਸ਼ਰਮਾ, ਮੈਡਮ ਕਰਮਜੀਤ ਕੌਰ, ਸੁਪਰਡੈਂਟ ਗੁਰਮੇਲ ਸਿੰਘ ਪੰਚਾਇਤ ਦਫ਼ਤਰ ਗੁਰਦਾਸਪੁਰ ਅਤੇ ਸੋਸ਼ਲ ਵਰਕਰ ਯੁਵਿਕਾ ਆਦਿ ਹਾਜ਼ਰ ਸਨ।


