ਹੁਣ ਨਿਜੀ ਲੈਬ ਨਾਲੋਂ 70 ਫੀਸਦੀ ਘੱਟ ਕੀਮਤ ‘ਤੇ ਹੁਣ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹੋਣਗੇ ਸਾਰੇ ਟੈਸਟ
ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ) – ਆਜਾਦੀ ਦੇ 75 ਸਾਲਾਂ ਬਾਅਦ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਸੀਟੀ ਸਕੈਨ ਸੈਂਟਰ, ਡਾਇਗਨੋਸਟਿਕ ਲੈਬ ਸੈਂਟਰ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਐੱਸ.ਐੱਮ.ਓ ਡਾ. ਛੇਤਨਾ ਸਮੇਤ ਸ਼ਹਿਰ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |

ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਹਾਜ਼ਰ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਵਿੱਚ ਸੁਧਾਰ ਕਰਕੇ ਜੋ ਵੱਡੇ ਸੁਧਾਰ ਤੇ ਬਦਲਾਅ ਲਿਆਂਦੇ ਜਾ ਰਹੇ ਹਨ, ਉਸ ਨੂੰ ਪ੍ਰਤੱਖ ਰੂਪ ਵਿੱਚ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਦੇਖਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਪੱਖ ਤੋਂ ਵੱਡੀ ਸਹੂਲਤ ਦਿੱਤੀ ਗਈ ਹੈ ਅਤੇ ਹੁਣ ਜ਼ਿਲ੍ਹਾ ਹਸਪਤਾਲ ਵਿੱਚ ਸੀਟੀ ਸਕੈਨ ਸੈਂਟਰ, ਡਾਇਗਨੋਸਟਿਕ ਲੈਬ ਸ਼ੁਰੂ ਹੋਣ ਨਾਲ ਮਰੀਜ਼ਾਂ ਦੇ ਇਲਾਜ ਵਿੱਚ ਆਉਂਦੀ ਪਰੇਸ਼ਾਨੀ ਖਤਮ ਹੋ ਜਾਵੇਗੀ |

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਸੈਂਟਰ ਕਿ੍ਸ਼ਨਾ ਡਾਇਗਨੋਸਟਿਕ ਦੇ ਤਾਲਮੇਲ ਨਾਲ ਚਲਾਏ ਜਾਣਗੇ ਅਤੇ ਇਥੇ ਹੋਣ ਵਾਲੇ ਟੈਸਟਾਂ ਦੀ ਕੀਮਤ ਬਜ਼ਾਰ ਨਾਲੋਂ 70 ਫੀਸਦੀ ਘੱਟ ਹੋਵੇਗੀ | ਉਨ੍ਹਾਂ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਇਹ ਸਹੂਲਤ ਉਪਲੱਬਧ ਨਾ ਹੋਣ ਕਾਰਨ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਬਾਹਰ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦੇ ਇਲਾਜ ਵਿਚ ਵੀ ਦਿਕਤ ਆਉਂਦੀ ਸੀ | ਸ੍ਰੀ ਬਹਿਲ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਸੈਂਟਰ ਦੀ ਸਹੂਲਤ ਸ਼ੁਰੂ ਹੋਣ ਨਾਲ ਆਮ ਆਦਮੀ ਨੂੰ ਬਹੁਤ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ ਜੋ ਕਿ 26 ਜਨਵਰੀ ਨੂੰ ਸ਼ੁਰੂ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਹੈ | ਇਸ ਮੌਕੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਸੁਧਾਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ ਸ਼ੁਰੂ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੀ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ |



