ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀ ਇਸ ਮਿਲਣੀ ਵਿੱਚ ਭਾਗ ਲੈਣਗੇ
ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 16 ਦਸੰਬਰ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਮਾਝਾ ਖੇਤਰ ਨਾਲ ਸਬੰਧਤ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 30 ਦਸੰਬਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੋਲਡਨ ਜੁਬਲੀ ਦੇ ਕਨਵੈਨਸ਼ਨ ਸੈਂਟਰ ਵਿਖੇ ਕੀਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਮਿਲਣੀਆਂ ਦੌਰਾਨ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ’ਚ ਸੂਬੇ ਦੇ ਐਨ ਆਰ ਆਈ ਮਾਮਲਿਆਂ ਨਾਲ ਸਬੰਧਤ ਉੱਚ ਅਧਿਕਾਰੀ, ਇਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 30 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ ਓ ਵੀ ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ।
—