ਬੈਰਕਾਂ ਦਾ ਨਿਰੀਖਣ ਕਰਨ ਦੇ ਨਾਲ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ
ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ) -ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਜੇਲ ਦੀਆਂ ਬੈਰਕਾਂ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਨੂੰ ਮਿਲ ਕੇ ਉਹਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ। ਇਸ ਮੌਕੇ ਜੱਜ ਸਾਹਿਬਾਨ ਵੱਲੋਂ ਜੇਲ ਅੰਦਰ ਲੰਗਰ ਹਾਲ ਦਾ ਵੀ ਨਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਜੇਲ ਦੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਵੀ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।
ਇਸ ਦੌਰੇ ਦੌਰਾਨ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਦੁਆਰਾ ਜਨਾਨਾ/ਔਰਤਾਂ ਦੇ ਬੈਰਕ ਦਾ ਵੀ ਨਰੀਖਣ ਕੀਤਾ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ। ਇਸ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੁਆਰਾ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਸਟਾਫ ਵੀ ਮੌਜੂਦ ਸੀ।