ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵੱਲੋਂ ਅੱਜ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਬੜੀ ਸ਼ਰਧਾ ਅਤੇ ਦੇਸ਼ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਜ਼ਿਲ੍ਹਾ ਹੈਰੀਟੇਜ ਸੋਸਾਇਟੀ ਗੁਰਦਾਸਪੁਰ ਜਿਸ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ ਹਨ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰੰਗਣ ਵਿੱਚ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਹੈਰਿਟੇਜ ਸੋਸਾਇਟੀ ਦੇ ਮੈਂਬਰ ਸਾਹਿਬਾਨ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਕਾਰਜਕ੍ਰਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਫੁੱਲ ਮਾਲਾ ਅਰਪਿਤ ਕਰਕੇ ਕੀਤੀ ਗਈ। ਇਸ ਉਪਰੰਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਕੇਂਦਰੀ ਵਿਸ਼ਾ “ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਵਿਚਾਰਧਾਰਾ” ਰਿਹਾ।
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ (ਧਰਮਸ਼ਾਲਾ) ਅਤੇ ਕੀਨੋਟ ਸਪੀਕਰ ਵਜੋਂ ਡਾ. ਅਮਨਦੀਪ ਕੌਰ ਬੱਲ, ਚੇਅਰਪਰਸਨ, ਜਲਿਆਂਵਾਲਾ ਬਾਗ਼ ਚੇਅਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।
ਉਨ੍ਹਾਂ ਨੇ ਆਪਣੇ ਸੰਬੋਧਨਾਂ ਵਿੱਚ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਹਾਦਰੀ, ਦੇਸ਼ਭਗਤੀ ਅਤੇ ਕ੍ਰਾਂਤੀਕਾਰੀ ਵਿਚਾਰਧਾਰਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ.) ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਕੌਮ ਦੇ ਸੱਚੇ ਹੀਰੋ ਹਨ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨਾ ਹਰ ਸੁਤੰਤਰ ਨਾਗਰਿਕ ਦਾ ਇਖਲਾਕੀ ਫਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਤਰੱਕੀ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਵਿੱਚ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਅਤੇ ਪੇਂਟਿੰਗ ਮੁਕਾਬਲੇ ਸ਼ਾਮਲ ਸਨ। ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲਿਆ ਅਤੇ ਆਪਣੇ ਵਿਚਾਰਾਂ ਅਤੇ ਕਲਾ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤੀ ਭੂਮਿਕਾ ਪ੍ਰੋ. ਰਾਜ ਕੁਮਾਰ ਸ਼ਰਮਾ ਵੱਲੋਂ ਬੰਨੀ ਗਈ, ਜਦਕਿ ਧੰਨਵਾਦ ਪ੍ਰਸਤਾਵ ਹੈਰੀਟੇਜ ਸੋਸਾਇਟੀ ਦੇ ਪ੍ਰੋਗਰਾਮ ਅਫਸਰ ਸ਼੍ਰੀ ਪਰਮਿੰਦਰ ਸੈਣੀ ਵੱਲੋਂ ਕੀਤਾ ਗਿਆ। ਸਮਾਗਮ ਦੇ ਅੰਤ ‘ਤੇ ਸਾਰੇ ਹਾਜ਼ਰੀਨ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਬਣਾਈ ਰੱਖਣ ਦਾ ਸੰਕਲਪ ਲਿਆ ਗਿਆ।
ਇਸ ਸਮਾਰੋਹ ਦੀ ਸਫਲਤਾ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਜੀ ਦੀ ਯੋਗ ਨੇਤ੍ਰਿਤਵ ਅਤੇ ਅਗਾਂਹਵਧੂ ਸੋਚ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਸ ਨਾਲ ਇਹ ਪ੍ਰੋਗਰਾਮ ਇੱਕ ਯਾਦਗਾਰ ਸਮਾਰੋਹ ਬਣਿਆ। ਇਸ ਮੌਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੀ ਹਾਜ਼ਰ ਰਿਹਾ।


