ਗੁਰਦਾਸਪੁਰ ਵਿੱਚ ਆਲੀਸ਼ਾਨ ਸਰਕਾਰੀ ਸਕੂਲ ਖੋਲਿਆ ਜਾਵੇਗਾ-ਚੇਅਰਮੈਨ ਰਮਨ ਬਹਿਲ
ਪਿਛਲੇ 9 ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ – ਚੇਅਰਮੈਨ ਬਹਿਲ
ਆਮ ਆਦਮੀ ਪਾਰਟੀ ਦੀ ਸਰਕਾਰ ਕਹਿਣੀ ਤੇ ਕਥਨੀ ਦੀ ਪੂਰੀ – ਸ਼ਮਸ਼ੇਰ ਸਿੰਘ
ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੀਆਂ ਦੋ ਹੋਰ ਪ੍ਰਮੁੱਖ ਸੰਪਰਕ ਸੜਕਾਂ ਬਣ ਕੇ ਤਿਆਰ ਹੋਈਆਂ ਹਨ, ਜਿਸ ਨਾਲ ਇਲਾਕਾ ਨਿਵਾਸੀਆਂ ਸਮੇਤ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ ਆਲੀਸ਼ਾਨ ਸਰਕਾਰੀ ਸਕੂਲ ਖੋਲਿਆ ਜਾਵੇਗਾ, ਜੋ ਕਿ ਦੇਖਣ ਨੂੰ ਦੁਰਲੱਭ ਹੋਵੇਗਾ |
ਚੇਅਰਮੈਨ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਜੇਲ ਰੋਡ ਤੋਂ ਬਾਬੋਵਾਲ ਤੱਕ 96 ਲੱਖ ਰੁਪਏ ਦੀ ਲਾਗਤ ਨਾਲ ਬਣੀ 1.50 ਕਿਲੋਮੀਟਰ ਲੰਮੀ ਸੜਕ ਅਤੇ 8 ਲੱਖ ਦੀ ਲਾਗਤ ਨਾਲ ਬੜੀ ਪਿੰਡ ਮੀਰਪੁਰ ਦੀ ਸੜਕ ਦਾ ਉਦਘਾਟਨ ਕੀਤਾ ਗਿਆ | ਇਹ ਦੋਵੇਂ ਸੜਕਾਂ ਲੋਕ ਨਿਰਮਾਣ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਹਨ | ਇਨ੍ਹਾਂ ਦੋਵਾਂ ਸੜਕਾਂ ਦੇ ਉਦਘਾਟਨ ਕਰਨ ਸਮੇਂ ਸ੍ਰੀ ਰਮਨ ਬਹਿਲ ਦੇ ਨਾਲ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ੍ਰੀ ਜਤਿੰਦਰ ਮੋਹਨ, ਸਰਬਜੀਤ ਸਿੰਘ ਚਾਹਲ ਸਮੇਤ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ | ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਪਿਛਲੇ 9 ਮਹੀਨਿਆਂ ਦੇ ਸਮੇਂ ਵਿੱਚ ਸਰਕਾਰ ਨੇ ਰਾਜ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ |
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ 1 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਜੇਲ ਰੋਡ ਤੋਂ ਬਾਬੋਵਾਲ ਤੱਕ ਅਤੇ ਪਿੰਡ ਮੀਰਪੁਰ ਦੀਆਂ ਸੜਕਾਂ ਬਣਨ ਨਾਲ ਇਥੋਂ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਪੁਰਾਣੇ ਹਸਪਤਾਲ ਨੂੰ 30 ਬੈਡੱਡ ਹਸਪਤਾਲ ਦੀ ਮਨਜ਼ੂਰੀ ਦਿਵਾ ਕੇ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਇਥੇ ਐਮਰਜੈਂਸੀ ਸੇਵਾਵਾਂ ਵੀ ਸ਼ੂਰੂ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਵੀ ਸੀ.ਟੀ. ਸਕੈਨ ਸਮੇਤ ਹਰ ਤਰਾਂ ਦੇ ਟੈਸਟ ਬਹੁਤ ਥੋੜੀ ਕੀਮਤ ‘ਤੇ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਚਾਰ ਹੋਰ ਨਵੇਂ ਆਮ ਆਦਮੀ ਕਲੀਨਿਕ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 26 ਜਨਵਰੀ ਨੂੰ ਸ਼ੁਰੂ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਸਾਰੇ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਮੁਕੰਮਲ ਕੀਤੇ ਜਾਣਗੇ |
ਇਸ ਮੌਕੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਕਹਿਣੀ ਅਤੇ ਕਥਨੀ ਦੀ ਪੂਰੀ ਹੈ | ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇ ਕੇ ਰਾਜ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕੀਤੇ ਹਨ | ਉਨ੍ਹਾਂ ਕਿਹਾ ਕਿ ਰਹਿੰਦੇ ਚੋਣ ਵਾਅਦੇ ਵੀ ਜਲਦ ਪੂਰੇ ਕੀਤੇ ਜਾਣਗੇ |