ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 19 ਦਸੰਬਰ ਤੋਂ 25 ਦਸੰਬਰ ਤੱਕ ਗੁਡ ਗਵਰਨੈਂਸ ਹਫ਼ਤਾ ਮਨਾਇਆ ਜਾ ਰਿਹਾ ਹੈ। ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
‘ਗੁਡ ਗਵਰਨੈਂਸ ਹਫ਼ਤੇ’ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ‘ਸੁਸ਼ਾਸ਼ਨ ਸਪਤਾਹ-ਪ੍ਰਸ਼ਾਸਨ ਗਾਓਂ ਕੀ ਔਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਜਾ ਕੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਜਿਸ ਦੌਰਾਨ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਨਾਲ ਹੀ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਡੇਰਾ ਬਾਬਾ ਨਾਨਕ ਵਿਖੇ ਵੀ ਗੁਡ ਗਵਰਨੈਂਸ ਹਫ਼ਤੇ ਤਹਿਤ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਰਹੱਦੀ ਲੋਕਾਂ ਨੇ ਸਰਕਾਰੀ ਸੇਵਾਵਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਕਿਹਾ ਕਿ ਗੁਡ ਗਵਰਨੈਂਸ ਹਫ਼ਤੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਵੀ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ 40 ਸੇਵਾ ਕੇਂਦਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਨਿਰਧਾਰਤ ਸਮੇਂ ਅੰਦਰ ਸਰਕਾਰੀ ਸੇਵਾਵਾਂ ਦੇਣ ਲਈ ਵਚਨਬੱਧ ਹੈ।