ਸਾਡਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦਾ ਹੱਕ ਉਨ੍ਹਾਂ ਦੀ ਦਹਿਲੀਜ਼ ਤੱਕ ਪਹੁੰਚਾਉਣਾ ਹੈ- ਰਮਨ ਬਹਿਲ
ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਮੀਰਪੁਰ ਵਿਖੇ ‘ ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ 117 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਸੌਂਪੇ ਗਏ। ਇਸ ਮੌਕੇ ਰਣਜੀਤ ਸਿੰਘ ਰਾਣਾ, ਚੇਅਰਮੈਨ ਬਲਾਕ ਸੰਮਤੀ ਗੁਰਦਾਸਪੁਰ, ਸਰਪੰਚ ਮੁਨੀਸ਼ਵਰ ਸਮੇਤ ਪਿੰਡ ਵਾਸੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਦਾ ਦਿਨ ਮੇਰੇ ਲਈ ਬਹੁਤ ਭਾਵੁਕ ਅਤੇ ਮਾਣ ਵਾਲਾ ਹੈ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ’ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ 117 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਸੌਂਪੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਕਈ ਦਹਾਕਿਆਂ ਤੋਂ ਇਹ ਪਰਿਵਾਰ ਆਪਣੇ ਹੀ ਘਰਾਂ ਵਿੱਚ ਬਿਨਾਂ ਕਿਸੇ ਕਾਨੂੰਨੀ ਹੱਕ ਦੇ ਰਹਿ ਰਹੇ ਸਨ। ਅੱਜ ਜਦੋਂ ਉਨ੍ਹਾਂ ਦੇ ਹੱਥਾਂ ਵਿੱਚ ਆਪਣੀ ਜਾਇਦਾਦ ਦੇ ਕਾਗਜ਼ ਆਏ, ਤਾਂ ਮਨ ਨੂੰ ਬਹੁਤ ਖੁਸ਼ੀ ਤੇ ਸਕੂਨ ਮਿਲਿਆ ਹੈ।
ਰਮਨ ਬਹਿਲ ਨੇ ਕਿਹਾ ਕਿ ਸਾਡਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਨੂੰ ਉਨ੍ਹਾਂ ਦਾ ਹੱਕ ਉਨ੍ਹਾਂ ਦੀ ਦਹਿਲੀਜ਼ ਤੱਕ ਪਹੁੰਚਾਉਣਾ ਹੈ। ਉਨ੍ਹਾਂ ਸਾਰੇ ਲਾਭਪਾਤਰੀ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ।
ਉਹਨਾਂ ਦੱਸਿਆ ਕਿ “ਮੇਰਾ ਘਰ, ਮੇਰੇ ਨਾਮ” ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ‘ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦ-ਵੇਚ ਅਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਮਹਿਜ਼ ਚਾਰ ਸਾਲਾਂ ਅੰਦਰ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਕਾਰਜ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ, ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ ਸਮੇਤ ਰਿਕਾਰਡ ਵੱਖ ਵੱਖ ਵਿਕਾਸ ਕਾਰਜ ਕੀਤੇ ਗਏ ਹਨ।


