ਸਾਲ 2022 ਦੌਰਾਨ ਜ਼ਿਲ੍ਹੇ ਵਿੱਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਬਿਓਰਾ ਸਾਂਝਾ ਕੀਤਾ
ਸਾਲ 2023 ਵਿੱਚ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਨਵੀਂ ਇਬਾਰਤ ਲਿਖੀ ਜਾਵੇਗੀ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਸਾਲ 2023 ਵਿੱਚ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਆਪਣੀਆਂ ਤਰਜੀਹਾਂ ਤੋਂ ਜਾਣੂ ਕਰਵਾਇਆ
ਗੁਰਦਾਸਪੁਰ, 1 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਨਵੇਂ ਸਾਲ `ਤੇ ਜ਼ਿਲ੍ਹੇ ਨੂੰ ਪ੍ਰਗਤੀਸ਼ੀਲ, ਅਗਾਂਹਵਧੂ, ਸਾਂਤ, ਸਦਭਾਵਨਾ ਭਰਪੂਰ ਤੇ ਸੁਰੱਖਿਅਤ ਬਣਾਏ ਰੱਖਣ ਦੇ ਵਾਅਦੇ ਨਾਲ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2023 ਦੀ ਵਧਾਈ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਧਰਮ ਨਿਰਪੱਖਤਾ, ਪ੍ਰਭੂਸੱਤਾ, ਫਿਰਕੂ ਸਦਭਾਵਨਾ ਤੇ ਕੌਮੀ ਏਕਤਾ ਦੀ ਰੱਖਿਆ ਲਈ ਇਕੱਠੇ ਹੋ ਕੇ ਪੂਰੇ ਜੋਸ਼ ਨਾਲ ਕੰਮ ਕਰਨ ਦੀ ਵਚਨਬੱਧਤਾ ਨਾਲ ਨਵੇਂ ਸਾਲ 2023 ਦਾ ਸਵਾਗਤ ਕਰਨ। ਉਨ੍ਹਾਂ ਹਰੇਕ ਨਾਗਰਿਕ ਲਈ ਖੁਸ਼ੀ ਤੇ ਖੁਸ਼ਹਾਲੀ ਵਾਲਾ ਨਵਾਂ ਸਾਲ ਹੋਣ ਦੀ ਕਾਮਨਾ ਕਰਦਿਆਂ ਇਸ ਗੱਲ ਉਤੇ ਵਿਸ਼ਵਾਸ ਪ੍ਰਗਟਾਇਆ ਹੈ ਕਿ ਆਉਣ ਵਾਲਾ ਸਾਲ ਸਾਡੇ ਦੇਸ਼, ਸੂਬੇ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਵਿੱਚ ਨਵਾਂ ਅਧਿਆਇ ਲਿਖੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬੀਤੇ ਸਾਲ 2022 ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਵਿਕਾਸ ਕਾਰਜਾਂ ਦਾ ਬਿਓਰਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਸਾਲ 2022 ਦੌਰਾਨ 467 ਥਾਪਰ ਮਾਡਲ ਛੱਪੜਾਂ ’ਤੇ 20.22 ਕਰੋੜ ਰੁਪਏ, ਸੋਲਿਡ ਵੇਸਟ ਮੈਨਜਮੈਂਟ ’ਤੇ 50 ਲੱਖ ਰੁਪਏ, 409 ਪਾਰਕਾਂ ਦੀ ਉਸਾਰੀ ਤੇ 15 ਕਰੋੜ, ਕੈਟਲ ਸ਼ੈੱੈਡ ’ਤੇ 7.47 ਕਰੋੜ ਅਤੇ ਖੇਡ ਦੇ ਮੈਦਾਨਾਂ ’ਤੇ 5.72 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਾਲ 2022 ਦੇ ਸੀਜ਼ਨ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਖਰੀਦ ਏਜੰਸੀਆਂ ਵਲੋਂ 5271670 ਕੁਇੰਟਲ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸ ਦੀ ਕੁਲ ਬਣਦੀ ਰਾਸ਼ੀ 10622354600 ਰੁਪਏ ਦੀ ਅਦਾਇਗੀ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਹੈ। ਬੀਤੇ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚੋਂ 7939636.88 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ ਸੀ ਅਤੇ ਕੁੱਲ ਬਣਦੀ ਰਾਸ਼ੀ 16355651963 ਰੁਪਏ ਦੀ ਅਦਾਇਗੀ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਦਾ ਇੱਕ-ਇੱਕ ਦਾਣਾ ਪੂਰੇ ਭਾਅ ’ਤੇ ਖਰੀਦਿਆ ਜਾਵੇਗਾ।
ਸਾਲ 2022 ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਜਿਵੇਂ ਸਰਕਾਰੀ ਆਈ.ਟੀ.ਆਈ. ਚੀਮਾ ਖੁੱਡੀ, ਜਿਮਨੇਜੀਅਮ ਹਾਲ, ਸਰਕਾਰੀ ਕਾਲਜ ਕਾਲਾ ਅਫ਼ਗਾਨਾ, ਸੀ.ਐੱਚ.ਸੀ. ਕਲਾਨੌਰ, ਸਰਕਾਰੀ ਕਾਲਜ ਕਲਾਨੌਰ ਆਦਿ ਉੱਪਰ 7993.38 ਲੱਖ ਰੁਪਏ ਖਰਚ ਕੀਤੇ ਗਏ ਹਨ।
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੀਵਰੇਜ ਨੈਟਵਰਕ ਵਿਛਾਉਣ ਦੇ ਕੰਮ ਲਈ ਸਾਲ 2022 ਦੌਰਾਨ 38.42 ਕਰੋੜ ਰੁਪਏ ਦੀ ਰਾਸ਼ੀ ਖਰਚੀ ਗਈ ਹੈ ਅਤੇ ਨਵੇਂ ਸਾਲ ਵਿੱਚ 227.49 ਕਰੋੜ ਰੁਪਏ ਹੋਰ ਖਰਚੇ ਜਾਣ ਦਾ ਅਨੁਮਾਨ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ, ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਤਹਿਤ ਸਾਲ 2022 ਵਿਚ 1260.71 ਲੱਖ ਰੁਪਏ ਖਰਚ ਕੀਤੇ ਗਏ ਹਨ। ਸਾਲ 2022 ਦੌਰਾਨ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਦੇ ਵਿਕਾਸ ਕਾਰਜਾਂ ਉਪਰ 725 ਲੱਖ ਰੁਪਏ ਖਰਚ ਕੀਤੇ ਗਏ ਹਨ।
ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2023 ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਸਾਲ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਕਰਦਿਆਂ 26 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ 34 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ ਜਿਨ੍ਹਾਂ ਉੱਪਰ 8.50 ਕਰੋੜ ਰੁਪਏ ਦੀ ਲਾਗਤ ਆਵੇਗੀ। ਸੀ.ਸੀ.ਵੀ. ਯੂਨਿਟ ਸਿਵਲ ਹਸਪਤਾਲ ਗੁਰਦਾਸਪੁਰ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ। ਟਰਾਮਾ ਸੈਂਟਰ ਡੇਰਾ ਬਾਬਾ ਨਾਨਕ ਵਿਖੇ ਬਣਾਉਣ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਬਣਾਉਣ ਨੂੰ ਤਰਜੀਹ ਦਿਤੀ ਜਾਵੇਗੀ। ਇਸਦੇ ਨਾਲ ਹੀ ਸਰਹੱਦੀ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਅਬਾਦ’ ਕੈਂਪ ਲਗਾ ਕੇ ਹਰ ਸਰਹੱਦੀ ਪਿੰਡ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਸਰਹੱਦ ’ਤੇ ਸਥਿਤ ਦਰਸ਼ਨ ਸਥੱਲ ਦਾ ਸੁੰਦਰੀਕਰਨ ਕੀਤਾ ਜਾਵੇਗਾ। ਜ਼ਿਲ੍ਹੇ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਕੇ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਦਾ ਵਿਕਾਸ ਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 2023 ਵਿੱਚ ਬਟਾਲਾ ਅਤੇ ਗੁਰਦਾਸਪੁਰ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ਵਧਾਉਣ ਦਾ ਪ੍ਰੋਜੈਕਟ ਮੁਕੰਮਲ ਕੀਤਾ ਜਾਵੇਗਾ ਅਤੇ ਸਾਲ 2023 ਦੇ ਪਿੜ੍ਹਾਈ ਸੀਜ਼ਨ ਦੌਰਾਨ ਇਹ ਦੋਵੇਂ ਮਿੱਲਾਂ ਆਪਣੀ ਪੂਰੀ ਸਮਰੱਥਾ ਨਾਲ ਚੱਲਣਗੀਆਂ, ਜਿਸ ਦਾ ਜ਼ਿਲ੍ਹੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ 31 ਮਾਰਚ 2023 ਤੱਕ ਗੁਰਦਾਸਪੁਰ ਸ਼ਹਿਰ ਵਿਖੇ ਬਣ ਰਹੇ ਰੇਲਵੇ ਅੰਡਰ ਬਰਿੱਜ ਨੂੰ ਮੁਕੰਮਲ ਕਰਕੇ ਲੋਕ ਅਰਪਣ ਕੀਤਾ ਜਾਵੇਗਾ ਜਿਸ ਨਾਲ ਸ਼ਹਿਰ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਵੇਗਾ। ਇਸਦੇ ਨਾਲ ਹੀ ਹਾਈਵੇ ਤੋਂ ਗੁਰਦਾਸਪੁਰ ਸ਼ਹਿਰ ਵਿੱਚ ਪ੍ਰਵੇਸ਼ ਹੁੰਦੇ ਰਸਤਿਆਂ/ਚੌਂਕਾਂ ਦਾ ਸੁੰਦਰੀਕਰਨ ਕਰਨ ਦੇ ਨਾਲ ਓਥੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਲ 2023 ਦੌਰਾਨ ਸਿੱਖਿਆ ਖੇਤਰ ਵਿੱਚ ਵੀ ਸੁਧਾਰ ਲਿਆਂਦੇ ਜਾਣਗੇ ਅਤੇ ਸਰਕਾਰੀ ਕਾਲਜ ਕਲਾਨੌਰ ਨੂੰ ਮੁਕੰਮਲ ਕੀਤਾ ਜਾਵੇਗਾ। ਜ਼ਿਲ੍ਹਾ ਲਾਇਬ੍ਰੇਰੀ ਦੀ ਇਮਾਰਤ ਦੀ ਮੁਰੰਮਤ ਕਰਨ ਦੇ ਨਾਲ ਲਾਇਬ੍ਰੇਰੀ ਨੂੰ ਅਪਗਰੇਡ ਕੀਤਾ ਜਾਵੇਗਾ। ਤਹਿਸੀਲ ਕੰਪਲੈਕਸ ਕਲਾਨੌਰ ਨੂੰ ਮੁਕੰਮਲ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹੇ ਦੇ ਇਤਿਹਾਸਕ ਸਥਾਨਾਂ ਨੂੰ ਟੂਰਿਜ਼ਮ ਮੈਪ ’ਤੇ ਲਿਆ ਕੇ ਸੈਰ-ਸਪਾਟੇ ਨੂੰ ਉਤਸ਼ਾਹਤ ਕੀਤਾ ਜਾਵੇਗਾ। ਨੌਜਵਾਨਾਂ ਲਈ ਕਰੀਅਰ ਕੌਂਸਲਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੂਰਜੀ ਊਰਜਾ ਦਾ ਪ੍ਰੋਜੈਕਟ ਲਗਾਉਣ ਦੇ ਯਤਨ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖ ਕੇ ਜ਼ਿਲ੍ਹਾ ਗੁਰਦਾਸਪੁਰ ‘ਰੰਗਲਾ ਪੰਜਾਬ’ ਸਿਰਜਣ ਵਿੱਚ ਆਪਣਾ ਅਹਿਮ ਯੋਗਦਾਨ ਪਾਵੇਗਾ।