ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 01874-222710 ਤੇ ਬਟਾਲਾ ਸ਼ਹਿਰ ਦੇ ਨੰਬਰ 01871-299330 ’ਤੇ ਦਿੱਤੀ ਜਾਵੇ ਸੂਚਨਾ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਾਂ ਉਡਾਉਣ ਲਈ ਕੇਵਲ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਹੀ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ/ਸੰਥੈਟਿਕ ਡੋਰ ਜਿਸਨੂੰ ਚਾਈਨਾ ਡੋਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਉਸ ਡੋਰ ਨਾਲ ਪਤੰਗਬਾਜ਼ੀ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਜਿਹੜਾ ਵੀ ਕੋਈ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਕਰੇਗਾ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਇੱਕ ਜ਼ਿਲ੍ਹਾ ਪੱਧਰ ’ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 01874-222710 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ। ਇਸੇ ਤਰਾਂ ਹੀ ਬਟਾਲਾ ਸ਼ਹਿਰ ਵਿਖੇ ਵੀ ਚਾਈਨਾ ਡੋਰ ਦੀ ਵਰਤੋਂ ਤੇ ਵਿਕਰੀ ਰੋਕਣ ਲਈ ਹੈਲਪ ਲਾਈਨ ਨੰਬਰ 01871-299330 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਨ ਵੱਲੋਂ ਵਿਸ਼ੇਸ਼ ਅਭਿਆਨ ਵੀ ਚਲਾਇਆ ਜਾ ਰਿਹਾ ਹੈ ਅਤੇ ਚਾਈਨਾ ਡੋਰ ਵੇਚਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਪਲਾਸਟਿਕ/ਚਾਈਨਾ ਡੋਰ ਘਰ ਪਈ ਹੋਈ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਹ ਡੋਰ ਦੇ ਕੇ ਬਦਲੇ ਵਿੱਚ ਸੂਤੀ ਧਾਗੇ ਦੀ ਡੋਰ ਤੇ ਨਾਲ ਪਤੰਗਾਂ ਲੈ ਸਕਦੇ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿੱਚ ਬਾਲ ਭਵਨ ਵਿੱਚ ਇਸ ਸਬੰਧੀ ਇੱਕ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ ਜਿਥੇ ਬੱਚੇ ਚਾਈਨਾ ਡੋਰ ਵਟਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦਫ਼ਤਰ, ਬਟਾਲਾ ਵਿਖੇ ਵੀ ਪਲਾਸਟਿਕ ਡੋਰ ਵਟਾਉਣ ਲਈ ਇੱਕ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਿਹੜਾ ਬੱਚਾ 10 ਜਾਂ ਇਸਤੋਂ ਵੱਧ ਚਾਈਨਾ ਡੋਰ ਦੇ ਗੱਟੂ ਜਮ੍ਹਾਂ ਕਰਵਾਏਗਾ ਉਸਨੂੰ ਵਿਸ਼ੇਸ਼ ਤੌਰ ’ਤੇ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਬੱਚੇ ਚਾਈਨਾ ਡੋਰ ਦਾ ਗੱਟੂ ਬਦਲਾਉਣ ਆਉਣ ਸਮੇਂ ਆਪਣੇ ਨਾਲ ਮਾਪਿਆਂ ਜਾਂ ਵੱਡਿਆਂ ਨੂੰ ਨਾਲ ਲੈ ਕੇ ਜਰੂਰ ਆਉਣ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਾਬੰਦੀਸ਼ੁਦਾ ਡੋਰ ਵੇਚਣ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।


