ਸਿਹਤ, ਰੋਜ਼ਗਾਰ ਤੇ ਸਿੱਖਿਆ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023
ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਪੰਜਾਬ ਸਾਲ 2023 ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨਸ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਮੌਕੇ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ‘ਆਪ’ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ ਪਾਉਣ ਉਤੇ ਕੇਂਦਰਤ ਹੈ।