ਚੇਅਰਮੈਨ ਰਮਨ ਬਹਿਲ ਨੇ ਹਰੀ ਦਰਬਾਰ ਕਲੋਨੀ ਦੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ
ਆਮ ਆਦਮੀ ਪਾਰਟੀ ਵੱਲੋਂ ਲਿਆਂਦੇ ਜਾ ਰਹੇ ਬਦਲਾਵ ਦੇ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ ਹੋਏ – ਚੇਅਰਮੈਨ ਸ੍ਰੀ ਰਮਨ ਬਹਿਲ
ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਸਬੰਧੀ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਅੱਜ ਹਰੀ ਦਰਬਾਰ ਕਲੋਨੀ ਵਿਖੇ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਹੈ। ਯਾਦ ਰਹੇ ਕਿ ਜਦੋਂ ਚੇਅਰਮੈਨ ਸੱਤਾਂ ਵਿੱਚ ਹੁੰਦੇ ਸਨ ਤਾਂ ਉਸ ਸਮੇਂ ਦੇ ਕੀਤੇ ਹੋਏ ਵਿਕਾਸ ਕਾਰਜ ਅਜੇ ਤੱਕ ਸਥਿਰ ਹਨ। ਜਿਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।
ਹਰੀ ਦਰਬਾਰ ਕਲੋਨੀ ਵਿਖੇ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਵੀਂ ਪਿਰਤ ਪਾਉਂਦਿਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਜਦਕਿ ਰਿਵਾਇਤੀ ਪਾਰਟੀਆਂ ਸਰਕਾਰ ਬਣਾਉਣ ਤੋਂ ਬਾਅਦ ਅਕਸਰ ਆਪਣੇ ਚੋਣ ਵਾਅਦੇ ਭੁੱਲ ਜਾਂਦੀਆਂ ਸਨ।
ਚੇਅਰਮੈਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਸੂਬੇ ਵਿੱਚ ਜੋ ਬਦਲਾਵ ਦੀ ਨੀਂਹ ਰੱਖੀ ਸੀ ਉਸਦੇ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਹਿਲੇ 9 ਮਹੀਨਿਆਂ ਅੰਦਰ ਹੀ 25000 ਤੋਂ ਵੱਧ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰੀਕ੍ਰਿਆ ਵੀ ਚੱਲ ਰਹੀ ਹੈ ਅਤੇ ਜਲਦ ਹੀ ਸਾਰੇ ਕੱਚੇ ਮੁਲਾਜ਼ਮ ਪੱਕੇ ਜਾਣਗੇ। 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਫੈਸਲਾ ਲੈ ਕੇ ਮਾਨ ਸਰਕਾਰ ਨੇ ਸੂਬਾ ਵਾਸੀਆਂ ਦਾ ਦਿਲ ਜਿੱਤ ਲਿਆ ਹੈ।
ਸਿਹਤ ਖੇਤਰ ਦੀ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਤੇ ਸਸਤੀਆਂ ਸਿਹਤ ਸੇਵਾਵਾਂ ਦੇਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਦੇ ਨਾਲ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਥੇ ਮਰੀਜ਼ਾਂ ਨੂੰ ਟੈਸਟ ਅਤੇ ਇਲਾਜ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੀ 26 ਜਨਵਰੀ ਨੂੰ ਸੂਬੇ ਭਰ ਵਿੱਚ 500 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।
ਗੁਰਦਾਸਪੁਰ ਹਲਕੇ ਦੇ ਵਿਕਾਸ ਬਾਰੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਇਸ ਸਾਲ ਸ਼ਹਿਰ ਦੇ ਵਿਕਾਸ ਕਾਰਜ ਕਰਵਾਉਣ ਦੇ ਨਾਲ ਪੁਰਾਣੇ ਸਿਵਲ ਹਸਪਤਾਲ ਨੂੰ ਵੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜੋ ਹਰੀ ਦਰਬਾਰ ਕਲੋਨੀ ਦੀ ਸੜਕ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਇਸ ਸੜਕ ਦੇ ਬਣਨ ਨਾਲ ਇਸ ਕਲੋਨੀ ਦੇ ਵਸਨੀਕਾਂ ਸਮੇਤ ਪੂਰੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਸਹੂਲਤ ਮਿਲੇਗੀ। ਇਨ੍ਹਾਂ ਸਭ ਵਿਕਾਸ ਕਾਰਜਾਂ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।