ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਸਵੀਪ ਦੇ ਜ਼ਿਲ੍ਹਾ ਆਈਕਾਨ ਅਤੇ ਨੈਸ਼ਨਲ ਅਵਾਰਡੀ ਰੋਮੇਸ਼ ਮਹਾਜਨ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਤਿਆਰ ਕੀਤੇ ਗਏ ਬੈਨਰ ਨੂੰ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਿਲੀਜ਼ ਕੀਤਾ ਗਿਆ। ਵੋਟਰ ਜਾਗਰੂਕਤਾ ਬੈਨਰ ਜਾਰੀ ਕਰਨ ਸਮੇਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੈਨਰ 18 ਸਾਲ ਤੋਂ ਉੱਪਰ ਦੇ ਹਰ ਵਿਅਕਤੀ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੋਟ ਦੇ ਹੱਕ ਦੀ ਮਹੱਤਤਾ ਦੱਸਣ ਦੇ ਨਾਲ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਲਾਭ ਉਠਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਸ੍ਰੀ ਰੋਮੇਸ਼ ਮਹਾਜਨ ਵੱਲੋਂ ਕੀਤੇ ਇਸ ਉਪਰਾਲੇ ਦੀ ਸਰਾਹਨਾ ਕੀਤੀ।
ਇਸ ਦੌਰਾਨ ਸਵੀਪ ਦੇ ਜ਼ਿਲ੍ਹਾ ਆਈਕਾਨ ਅਤੇ ਨੈਸ਼ਨਲ ਅਵਾਰਡੀ ਰੋਮੇਸ਼ ਮਹਾਜਨ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਦੇ 200 ਬੈਨਰ ਜ਼ਿਲ੍ਹੇ ਦੀਆਂ ਵੱਖ-ਵੱਖ ਪ੍ਰਮੁੱਖ ਥਾਵਾਂ ’ਤੇ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਤੱਕ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ ਅਤੇ ਚੋਣਾਂ ਆਉਣ ’ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਲਾਜ਼ਮੀ ਤੌਰ ’ਤੇ ਕਰਨ।