ਨਵੇਂ ਵਰ੍ਹੇ ਦੀ ਆਮਦ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ
ਗੁਰਦਾਸਪੁਰ, 10 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਕਰਮਚਾਰੀਆਂ ਵੱਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਨਵੇਂ ਸਾਲ ਦੀ ਆਮਦ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਗਾਇਨ ਕੀਤਾ। ਇਸ ਮੌਕੇ ਹਾਜ਼ਰ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਦੀ ਅਰਦਾਸ ਕਰਨ ਦੇ ਨਾਲ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਵਾਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਹਾਜ਼ਰੀ ਭਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ਹਾਲੀ, ਤਰੱਕੀ, ਆਪਸੀ ਭਾਈਚਾਰਾ, ਅਮਨ ਤੇ ਸ਼ਾਂਤੀ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਸ਼ੁਰੂਆਤ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕਰਨੀ ਬਹੁਤ ਵਧੀਆ ਉਪਰਾਲਾ ਹੈ ਅਤੇ ਗੁਰੂ ਸਾਹਿਬ ਨੇਕ ਕਾਰਜਾਂ ਵਿੱਚ ਆਪ ਸਹਾਈ ਹੋਣਗੇ।
ਮੁਲਾਜ਼ਮਾਂ ਨੂੰ ਸਰਕਾਰ ਦੀ ਰੀਡ ਦੀ ਹੱਡੀ ਦੱਸਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬੇ ਤੇ ਦੇਸ਼ ਦੀ ਤਰੱਕੀ ਵਿੱਚ ਮੁਲਾਜ਼ਮ ਵਰਗ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੇਣ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਸਿਧਾਂਤਕ ਫੈਸਲਾ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਕਰਕੇ ਮੁਲਾਜ਼ਮ ਵਰਗ ਨੂੰ ਵੱਡੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਮੁੱਖ ਏਜੰਡਾ ਲੋਕ ਸੇਵਾ ਹੈ ਅਤੇ ਮੁਲਾਜ਼ਮ ਵਰਗ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਯਤਨ ਪੂਰੀ ਇਮਾਨਦਾਰੀ ਨਾਲ ਕਰਨੇ ਚਾਹੀਦੇ ਹਨ। ਬਹਿਲ ਨੇ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀ ਸੇਵਾ ਕਰਦੇ ਹੋਏ ਤਰੱਕੀ ਤੇ ਖੁਸ਼ਹਾਲੀ ਮਾਨਣ ਇਹ ਉਨ੍ਹਾਂ ਦੀ ਦਿਲੀ ਕਾਮਨਾ ਹੈ।
ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ ਨੇ ਵੀ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਆ ਕੇ ਲੋਕਾਂ ਤੇ ਲੋੜਵੰਦਾਂ ਦੀ ਹੋਰ ਵੀ ਸੇਵਾ ਕੀਤੀ ਜਾ ਸਕਦੀ ਹੈ ਅਤੇ ਮੁਲਾਜ਼ਮ ਵਰਗ ਇਸ ਗੱਲੋਂ ਵੱਡਭਾਗਾ ਹੈ ਕਿ ਉਨ੍ਹਾਂ ’ਤੇ ਪ੍ਰਮਾਤਮਾ ਨੇ ਬਖਸ਼ਿਸ਼ ਕਰਕੇ ਲੋਕ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਹੋਰ ਵੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਤਰੱਕੀਆਂ ਕਰਨ।
ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਸਮੂਹ ਸਟਾਫ਼ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਚੇਅਰਮੈਨ ਰਮਨ ਬਹਿਲ, ਸ਼ਮਸ਼ੇਰ ਸਿੰਘ ਅਤੇ ਸੁੱਚਾ ਸਿੰਘ ਮੁਲਤਾਨੀ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਪੀ.ਐੱਸ.ਐੱਮ.ਯੂ ਦੇ ਸੂਬਾ ਸਰਪ੍ਰਸਤ ਸ੍ਰੀ ਰਣਬੀਰ ਸਿੰਘ ਬਟਵਾਲ, ਸੂਬਾ ਵਿੱਤ ਸਕੱਤਰ ਸ. ਸਰਬਜੀਤ ਸਿੰਘ ਢੀਂਗਰ, ਜ਼ਿਲ੍ਹਾ ਪ੍ਰਧਾਨ ਸ੍ਰੀ ਸਾਵਨ ਸਿੰਘ, ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸ. ਲਖਵਿੰਦਰ ਸਿੰਘ, ਸਰਬਜੀਤ ਸਿੰਘ ਮੁਲਤਾਨੀ, ਵਰਿੰਦਰ ਸਿੰਘ, ਗੁਰਦਿੱਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।



