ਕਿਹਾ-ਲਿਵ-ਇਨ-ਰਿਲੇਸ਼ਨਸ਼ਿਪ ਸੁਸਾਇਟੀ ‘ਤੇ ਪਾ ਰਿਹਾ ਮਾੜਾ ਪ੍ਰਭਾਵ
ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ‘ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋ ਪਹਿਲਾਂ ਤੋਂ ਕਾਰਵਾਈ ਅਧੀਨ 20 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 28 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ ਗਏ। ਚੇਅਰਪਰਸਨ ਵਲੋ ਪੈ੍ੱਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰ ਰਿਹਾ ਹੈ। ਉਨ੍ਹਾ ਦੱਸਿਆ ਕਿ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ ਪਾਉਦੀਆਂ, ਇਸ ਲਈ ਕਮਿਸ਼ਨ ਵਲੋ ਜਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਲਾਂ ਸੁਣਿਆ ਜਾਂਦੀਆਂ ਹਨ ਅਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਹੋ ਸਕੇ।
ਉਨਾਂ ਅੱਗੇ ਕਿਹਾ ਕਿ ਲਿਵ-ਇਨ-ਰਿਲੇਸ਼ਨਸ਼ਿਪ ਸੁਸਾਇਟੀ ਲਈ ਬਹੁਤ ਮਾੜਾ ਹੈ। ਜਿਸਨੂੰ ਰੋਕਿਆ ਜਾਣਾ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਵੀ ਪਰਿਵਾਰ ਤਬਾਹ ਹੋ ਰਹੇ ਹਨ ਅਤੇ ਸਾਡੇ ਸਮਾਜ ਨੂੰ ਸਿਉਂਕ ਵਾਂਗ ਖਾ ਰਹੇ ਹਨ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 50 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ,ਲਿਵ ਇਨ ਰਿਲੇਸ਼ਨ, ਪਰਿਵਾਰਕ ਝਗੜੇ,ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ‘ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ।
ਇਸ ਮੌਕੇ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਵੂਮੈਨ ਐਡ ਚਾਇਲਡ ਕਮਿਸ਼ਨ ਸ: ਗੁਲਬਹਾਰ ਸਿੰਘ ਤੂੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ, ਜ਼ਿਲ੍ਹਾ ਪ੍ਰੋਗਰਾਮ ਅਫਸਰ ਜਸਮੀਤ ਕੌਰ, ਡੀ.ਐੱਸ. ਪੀ ਪਲਵਿੰਦਰ ਕੋਰ ਗੁਰਦਾਸਪੁਰ, ਡੀ.ਐੱਸ. ਪੀ ਮਨੋਜ ਕੁਮਾਰ ਬਟਾਲਾ, ਡੀ.ਐੱਸ. ਪੀ ਰਾਜ ਕੁਮਾਰ ਪਠਾਨਕੋਟ, ਵਰਿੰਦਰ ਸਿੰਘ ਸੀਡੀਪੀਓ, ਸਖੀ ਵਨ ਸਟਾਪ ਸੈਂਟਰ ਇੰਚਾਰਜ ਅਨੂ ਗਿੱਲ, ਚਾਇਲਡ ਪ੍ਰੋਟੈਸ਼ਨ ਅਫਸਰ ਸੁਨਿਲ ਜੋਸ਼ੀ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।


