ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ 34 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ – ਚੇਅਰਮੈਨ ਬਹਿਲ
ਗੁਰਦਾਸਪੁਰ, 18 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਦੀ ਜਾ ਰਹੀ ਹੈ ਜਿਸ ਤਹਿਤ ਸੂਬੇ ਭਰ ਵਿੱਚ ਖੁੱਲੇ ਆਮ ਆਦਮੀ ਕਲੀਨਿਕਾਂ ਲੋਕਾਂ ਲਈ ਵੱਡਾ ਸਹਾਰਾ ਬਣ ਕੇ ਉਭਰੇ ਹਨ। ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ 15 ਅਗਸਤ, 2022 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਨ੍ਹਾਂ ਕਲੀਨਿਕਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਘੜ ਸਿਆਣੀ ਸੋਚ ਦੀ ਬਦੌਲਤ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਆਪਣੇ ਇਲਾਜ ਲਈ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਵਿੱਚ ਇਹ ਕਲੀਨਿਕ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹੀਨੇ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ 34 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾਣਗੇ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਸੂਬਾ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੀ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਖੇਤਰਾਂ ਤੋਂ ਲਾਹਾ ਲੈਣ ਦੇ ਯੋਗ ਹੋ ਸਕਣ।
ਚੇਅਰਮੈਨ ਰਮਨ ਬਹਿਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੁਨੀਆ ਭਰ ਵਿੱਚੋਂ ‘ਸਿਹਤ ਸੰਭਾਲ ਹੱਬ’ ਵਜੋਂ ਉਭਾਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਇਹ ਕਾਲਜ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ਵਿੱਚ ਵੀ ਮਦਦਗਾਰ ਹੋਣਗੇ।


