ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੇਂਦਰ ਸਰਕਾਰ ਦੀਆਂ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਅਧੀਨ ਜਿਨ੍ਹਾਂ ਪਿੰਡਾਂ ਵਿੱਚ ਬਹੁ-ਸਿੱਖਿਅਕ ਅਬਾਦੀ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ, ਉਨ੍ਹਾਂ ਪਿੰਡਾਂ ਨੂੰ ਸਰਵਪੱਖੋਂ ਵਿਕਸਤ/ਆਦਰਸ਼ ਬਣਾਉਣ ਲਈ ਫੰਡ ਉਪਲੱਬਧ ਕਰਵਾਏ ਜਾਂਦੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਕੁੱਲ 58 ਪਿੰਡ ਇਸ ਸਕੀਮ ਅਧੀਨ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 19 ਪਿੰਡਾਂ ਨੂੰ ਫੰਡ ਪ੍ਰਾਪਤ ਹੋਏ ਹਨ। ਇਸ ਸਕੀਮ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਤਹਿਤ 9 ਪਿੰਡਾਂ ਦੇ ਪੈਂਡਿੰਗ ਪਏ ਰਕਮ 38,12,888 ਰੁਪਏ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ। ਇਸਦੇ ਨਾਲ ਹੀ ਉਨ੍ਹਾਂ 19 ਪਿੰਡਾਂ ਦੇ ਹਾਊਸਹੋਲਡ ਸਰਵੇ ਨੂੰ ਮੁਕੰਮਲ ਕਕੇ ਪੋਰਟਲ ਉੱਪਰ ਅਪਡੇਟ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਤਹਿਤ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਬਣ ਰਹੇ 276 ਆਂਗਨਵਾੜੀ ਸੈਂਟਰਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਤਿਆਰ ਹੋ ਰਹੇ ਆਂਗਨਵਾੜੀ ਕੇਂਦਰਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਜਾਵੇ ਅਤੇ ਜੇਕਰ ਕੋਈ ਘਾਟ ਹੈ ਤਾਂ ਉਸਨੂੰ ਹੁਣੇ ਹੀ ਪੂਰਾ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਤਹਿਤ ਆਈ ਗ੍ਰਾਂਟ ਨੂੰ ਨਿਰਧਾਰਤ ਮੰਤਵ ਉੱਪਰ ਖਰਚ ਕਰਕੇ ਇਸਦੇ ਵਰਤੋਂ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਮੀਟਿੰਗ ਦੌਰਾਨ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਦੀ ਉਸਾਰੀ ਲਈ ਜ਼ਮੀਨ ਦੀ ਉਪਲੱਬਧਤਾ ਬਾਰੇ ਵੀ ਵਿਚਾਰ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਰੀਵਿਊ ਵੀ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ ਨੇ ਦੱਸਿਆ ਕਿਹਾ ਕਿ ਸਾਲ 2022-23 5940 ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਦਿੱਤਾ ਗਿਆ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਡੀ.ਐੱਫ.ਐੱਸ.ਸੀ. ਸੁਖਜਿੰਦਰ ਸਿੰਘ, ਡਾ. ਰੋਮੀ ਰਾਜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਲਖਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਲਬੀਰ ਸਿੰਘ ਘੁੰਮਣ ਅਤੇ ਸਮੂਹ ਬੀ.ਡੀ.ਪੀ.ਓਜ਼ ਹਾਜ਼ਰ ਸਨ।